ਲੋਕਪਾਲ ਵੱਲੋਂ ਬਾਦਲ ਖ਼ਿਲਾਫ਼ ਸ਼ਿਕਾਇਤ ਦੀ ਜਾਂਚ ਦੇ ਹੁਕਮ
ਚੰਡੀਗੜ੍ਹ,ਪੰਜਾਬ ਦੇ ਲੋਕਪਾਲ ਜਸਟਿਸ (ਸੇਵਾਮੁਕਤ) ਦਲਜੀਤ ਸਿੰਘ ਧਾਲੀਵਾਲ ਨੇ ਰਾਜ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਿਰੁਧ ਆਈ ਇਕ ਸ਼ਿਕਾਇਤ ‘ਤੇ ਜਾਂਚ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਇੱਕ ਗੈਰ ਸਰਕਾਰੀ ਸੰਸਥਾ ਵੱਲੋਂ ਮੁੱਖ ਮੰਤਰੀ ‘ਤੇ ਬੱਸ ਪਰਮਿਟਾਂ ਦੇ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਾਈ ਗਈ ਸੀ। ਇਸ ਸ਼ਿਕਾਇਤ ਦੀ ਪੜਤਾਲ ਆਈ.ਜੀ. ਲੋਕ ਪਾਲ ਸ਼ਾਮ ਲਾਲ ਗੱਖੜ ਵੱਲੋਂ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ 1 ਨਵੰਬਰ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ। ਹਾਲ ਹੀ ਵਿਚ ਲੋਕ ਪਾਲ ਵੱਲੋਂ ਬੀਬੀ ਜਗੀਰ ਕੌਰ ਵਿਰੁਧ ਆਈ ਸ਼ਿਕਾਇਤ ਦੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਸਨ। ਪੀ.ਟੀ.ਆਈ. ਮੁਤਾਬਕ ਗਲੋਬਲ ਹਿਊਮਨ ਰਾਈਟਸ ਕੌਂਸਲ ਨਾਮੀ ਐਨ.ਜੀ.ਓ. ਵੱਲੋਂ ਸ੍ਰੀ ਬਾਦਲ ਖ਼ਿਲਾਫ਼ ਕੀਤੀ ਗਈ ਸ਼ਿਕਾਇਤ ਵਿਚ ਰਾਜ ‘ਚ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਮਾਲਕੀ ਵਾਲੀਆਂ ‘ਗ਼ੈਰਕਾਨੂੰੂਨੀ’ ਏ.ਸੀ. ਬੱਸਾਂ ਚਲਾਏ ਜਾਣ ਦਾ ਦੋਸ਼ ਲਾਇਆ ਗਿਆ ਹੈ। ਦੂਜੇ ਪਾਸੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ‘ਬਾਦਲ ਪਰਿਵਾਰ ਜਾਂਚ ਪੂਰੀ ਹੋਣ ਤੱਕ ਇਸ ਸਬੰਧੀ ਕੋਈ ਟਿੱਪਣੀ ਕਰਨ ਲਈ ਤਿਆਰ ਨਹੀਂ ਹੈ।’





