ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਪ੍ਰਕਾਸ਼ ਗੁਰਪੁਰਬ ’ਤੇ ਖ਼ਾਲਸਾਈ ਜਾਹੋ-ਜਲਾਲ ਨਾਲ ਗੂੰਜਿਆ ਗੁਰੂ-ਨਗਰੀ ਦਾ ਕੋਨਾ-ਕੋਨਾ
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਖ਼ਾਲਸਾਈ ਰਵਾਇਤਾਂ ਅਨੁਸਾਰ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਏ ਇਸ ਨਗਰ ਕੀਰਤਨ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ।
ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਲੰਘਿਆ ਨਗਰ ਕੀਰਤਨ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਪਲਾਜ਼ਾ ਘੰਟਾ ਘਰ, ਜਲ੍ਹਿਆਂਵਾਲਾ ਬਾਗ, ਘਿਓ ਮੰਡੀ ਚੌਂਕ, ਸ਼ੇਰਾਂ ਵਾਲਾ ਗੇਟ, ਮਹਾਂ ਸਿੰਘ ਗੇਟ, ਚੌਂਕ ਰਾਮ ਬਾਗ, ਹਾਲ ਗੇਟ, ਹਾਥੀ ਗੇਟ, ਲੋਹਗੜ੍ਹ ਗੇਟ, ਲਾਹੌਰੀ ਗੇਟ, ਬੇਰੀ ਗੇਟ, ਖ਼ਜ਼ਾਨਾ ਗੇਟ, ਗੇਟ ਹਕੀਮਾਂ, ਭਗਤਾਂ ਵਾਲਾ ਚੌਂਕ, ਚਾਟੀਵਿੰਡ ਚੌਂਕ, ਸੁਲਤਾਨਵਿੰਡ ਗੇਟ, ਘਿਓ ਮੰਡੀ ਚੌਂਕ ਅਤੇ ਪਲਾਜ਼ਾ ਘੰਟਾ ਘਰ ਤੋਂ ਹੁੰਦਾ ਹੋਇਆ ਸ਼ਾਮ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਧਾਰਮਿਕ ਅਤੇ ਸ਼੍ਰੋਮਣੀ ਕਮੇਟੀ ਦੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਕੇਵਲ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਹਰਪਾਲ ਸਿੰਘ ਜੱਲਾ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਖ਼ਸੀਅਤਾਂ ਅਤੇ ਸੰਗਤ ਹਾਜ਼ਰ ਸਨ।