ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਤੀਜੇ ਪੜਾਅ ਦੀ 17 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੋਵੇਗੀ ਆਰੰਭਤਾ
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਹੋਏ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਤੀਜੇ ਪੜਾਅ ਦੀ ਆਰੰਭਤਾ 17 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਲਈ ਪੰਥਕ ਰਵਾਇਤਾਂ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਹੋਵੇਗੀ। ਤੀਜੇ ਪੜਾਅ ਤਹਿਤ ਖ਼ਾਲਸਾ ਮਾਰਚ ਦੁਆਬਾ ਅਤੇ ਮਾਝਾ ਖੇਤਰ ਦੇ ਇਲਾਕਿਆਂ ਵਿੱਚ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਇਸ ਤੋਂ ਪਹਿਲਾਂ 24 ਜੁਲਾਈ ਤੋਂ 4 ਸਤੰਬਰ ਤੱਕ ਦੋ ਪੜਾਵਾਂ ਵਿੱਚ ਮੀਰੀ-ਪੀਰੀ ਖ਼ਾਲਸਾ ਮਾਰਚ ਪੰਜਾਬ ਅੰਦਰ ਮਾਝਾ, ਮਾਲਵਾ ਅਤੇ ਪੁਆਧ ਇਲਾਕਿਆਂ ਦੇ ਲਗਭਗ 650 ਪਿੰਡਾਂ ਵਿੱਚ ਮੀਰੀ ਪੀਰੀ ਦੇ ਸਿਧਾਂਤ ਦੇ ਨਾਲ-ਨਾਲ ਸਿੱਖੀ ਪ੍ਰਚਾਰ ਪ੍ਰਸਾਰ ਕਰ ਚੁੱਕਾ ਹੈ। ਇਸ ਤਹਿਤ ਲੱਖਾਂ ਸਿੱਖ ਸੰਗਤਾਂ ਤੱਕ ਗੁਰਬਾਣੀ ਨਾਲ ਜੁੜਣ, ਅੰਮ੍ਰਿਤ ਛਕਣ, ਸਾਬਤ ਸੂਰਤ ਹੋਣ, ਨਸ਼ੇ ਤਿਆਗਣ, ਪੰਜਾਬ ਅੰਦਰ ਹੀ ਸੱਚੀ ਸੁੱਚੀ ਕਿਰਤ ਕਰਨ, ਪੰਜਾਬ ਅੰਦਰ ਆਪਣੀਆਂ ਜ਼ਮੀਨਾਂ ਨਾ ਵੇਚਣ, ਗੁਰਮੁਖੀ ਪੰਜਾਬੀ ਪੜ੍ਹਣ ਤੇ ਸਿੱਖਣ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੁਨੇਹਾ ਦਿੱਤਾ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਿਛਲੇ ਦੋ ਪੜਾਵਾਂ ਵਿੱਚ ਮੀਰੀ ਪੀਰੀ ਖ਼ਾਲਸਾ ਮਾਰਚ ਨੂੰ ਸਿੱਖ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਖ਼ਾਸਕਰ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਬੱਚਿਆਂ ਦੀ ਸ਼ਮੂਲੀਅਤ ਨੇ ਦਰਸਾਇਆ ਹੈ ਕਿ ਉਹ ਗੁਰੂ ਸਾਹਿਬਾਨ ਦੀ ਸਿੱਖੀ ਅਤੇ ਸੰਕਲਪ ਨਾਲ ਜੁੜਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਅੱਜ ਵੀ ਚੜ੍ਹਦੀ ਕਲਾ ਵਿੱਚ ਹੈ ਅਤੇ ਲੋੜ ਸਿਰਫ਼ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਣ ਅਤੇ ਨਸ਼ਿਆਂ ਤੋਂ ਬਚਾਉਣ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਅੱਜ ਵੀ ਸਿੱਖੀ ਦੀ ਪੂਰਾ ਜਜ਼ਬਾ ਕਾਇਮ ਹੈ ਅਤੇ ਅਰਦਾਸ ਕੀਤੀ ਕਿ ਅਗਾਂਹਾ ਵੀ ਇਹ ਇਸੇ ਤਰ੍ਹਾਂ ਹੀ ਰਹੇ।
ਉਨ੍ਹਾਂ ਕਿਹਾ ਕਿ ਤੀਜੇ ਪੜਾਅ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਸਮੂਹ ਸਿੱਖ ਸੰਗਤਾਂ ਅਤੇ ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮੀਰੀ ਪੀਰੀ ਖ਼ਾਲਸਾ ਮਾਰਚ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸਿੱਖੀ ਦਾ ਸੁਨੇਹਾ ਪ੍ਰਾਪਤ ਕਰਨ ਅਤੇ ਗੁਰਮਤਿ ਅਨੁਸਾਰ ਆਪਣਾ ਜੀਵਨ ਜੀਣ।
ਉਨ੍ਹਾਂ ਕਿਹਾ ਕਿ ਤੀਜੇ ਪੜਾਅ ਦੀ ਆਰੰਭਤਾ ਮੌਕੇ ਖ਼ਾਲਸਾ ਪੰਥ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਵੀ ਸ਼ਮੂਲੀਅਤ ਕਰਨਗੀਆਂ।
Posted By: Punjab Infoline Bureau