Delhi Sacrilege Case: ਦਿੱਲੀ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਨਿਹੰਗ ਸਿੰਘਾਂ ਨੇ ਮੁਲਜ਼ਮ ਪੁਲਿਸ ਹਵਾਲੇ ਕੀਤਾ
Delhi Sacrilege Case: ਪੱਛਮੀ ਦਿੱਲੀ ਦੇ ਸ਼ਾਹਪੁਰਾ ਇਲਾਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, 15 ਨਵੰਬਰ ਨੂੰ ਸਤਨਾਮ ਸਿੰਘ ਨਾਮ ਦਾ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਵਿਖੇ ਆਇਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਨ ਲੱਗ ਪਿਆ। ਬਾਅਦ ਵਿੱਚ ਉਸ 'ਤੇ ਪਾਵਨ ਅੰਗਾਂ ਦੀ ਬੇਅਦਬੀ ਕਰਨ, ਉਨ੍ਹਾਂ ਨੂੰ ਪਾੜਨ ਅਤੇ ਆਪਣੇ ਨਾਲ ਲਿਜਾਣ ਦੇ ਦੋਸ਼ ਲੱਗੇ।
ਘਟਨਾ ਤੋਂ ਤਿੰਨ ਦਿਨ ਬਾਅਦ ਉਹੀ ਨੌਜਵਾਨ ਮੁੜ ਗੁਰਦੁਆਰਾ ਸਾਹਿਬ ਦੇ ਆਸ-ਪਾਸ ਦਿਖਾਈ ਦਿੱਤਾ। ਇਸ ਵਾਰ ਗੁਰਦੁਆਰਾ ਸਾਹਿਬ ਦੇ ਸਟਾਫ਼ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਘਟਨਾ ਦੀ ਖ਼ਬਰ ਪੱਛਮੀ ਦਿੱਲੀ ਦੇ ਸਿੱਖ ਭਾਈਚਾਰੇ ਵਿੱਚ ਫੈਲਣ ਤੋਂ ਬਾਅਦ ਸਿੱਖ ਸੰਗਤ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ।
ਨਿਹੰਗ ਸਿੰਘਾਂ ਨੇ ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ
ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਬਾਬਾ ਬੁੱਢਾ ਦਲ ਦਿੱਲੀ ਸਟੇਟ ਦੇ ਜਥੇਦਾਰ ਆਪਣੇ ਨਿਹੰਗ ਸਿੰਘਾਂ ਦੇ ਜਥੇ ਸਮੇਤ ਮੌਕੇ 'ਤੇ ਪਹੁੰਚ ਗਏ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ। ਹਾਲਾਂਕਿ, ਮੌਕੇ 'ਤੇ ਮੌਜੂਦ ਸਿੱਖ ਸੰਗਤ ਦੀ ਮੰਗ ਸੀ ਕਿ ਮੁਲਜ਼ਮ ਨੂੰ ਉਨ੍ਹਾਂ ਦੇ ਹਵਾਲੇ ਕੀਤਾ ਜਾਵੇ, ਤਾਂ ਜੋ ਉਸ ਨੂੰ ਸਿੱਖ ਮਰਿਆਦਾ ਅਨੁਸਾਰ ਸਜ਼ਾ ਦਿੱਤੀ ਜਾ ਸਕੇ।
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਦੀ ਉਮਰ ਲਗਭਗ 45 ਸਾਲ ਹੈ। ਉਹ ਪਿਛਲੇ ਵੀਰਵਾਰ ਸ਼ਰਾਬੀ ਹਾਲਤ ਵਿੱਚ ਗੁਰਦੁਆਰੇ ਅੰਦਰ ਦਾਖਲ ਹੋਇਆ ਸੀ ਅਤੇ ਕਥਿਤ ਤੌਰ 'ਤੇ ਪਵਿੱਤਰ ਗ੍ਰੰਥ ਦੇ ਅੰਗ ਪਾੜ ਦਿੱਤੇ ਸਨ।
ਇਸ ਦੇ ਨਾਲ ਹੀ ਸਿੱਖ ਸੰਗਤ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭੂਮਿਕਾ 'ਤੇ ਵੀ ਗੰਭੀਰ ਸਵਾਲ ਚੁੱਕੇ। ਸੰਗਤ ਦਾ ਕਹਿਣਾ ਸੀ ਕਿ ਜੇਕਰ ਪੁਲਿਸ ਵੱਲੋਂ ਮੁਲਜ਼ਮ ਦੇ ਨਾਲ-ਨਾਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਮੈਂਬਰਾਂ, ਹੈੱਡ ਗ੍ਰੰਥੀ ਅਤੇ ਹੋਰ ਸਬੰਧਤ ਸਟਾਫ਼ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਉਨ੍ਹਾਂ ਨੂੰ ਵੀ ਇਸ ਮਾਮਲੇ ਵਿੱਚ ਬਰਾਬਰ ਦਾ ਜ਼ਿੰਮੇਵਾਰ ਮੰਨਿਆ ਜਾਵੇਗਾ।
ਦਿੱਲੀ ਪੁਲਿਸ ਵੱਲੋਂ ਪ੍ਰਬੰਧਕ ਕਮੇਟੀ ਖ਼ਿਲਾਫ਼ FIR ਤੋਂ ਇਨਕਾਰ
ਦੂਜੇ ਪਾਸੇ, ਪੁਲਿਸ ਨੇ ਪ੍ਰਬੰਧਕ ਕਮੇਟੀ ਖ਼ਿਲਾਫ਼ ਐੱਫਆਈਆਰ ਦਰਜ ਕਰਨ ਤੋਂ ਇਹ ਕਹਿੰਦਿਆਂ ਇਨਕਾਰ ਕਰ ਦਿੱਤਾ ਕਿ ਇਹ ਮਾਮਲਾ ਉਨ੍ਹਾਂ ਦੇ ਕਾਨੂੰਨੀ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ।
ਪੁਲਿਸ ਦੇ ਇਸ ਰਵੱਈਏ ਤੋਂ ਨਾਰਾਜ਼ ਸਿੱਖ ਸੰਗਤ ਨੇ ਤਿਲਕ ਨਗਰ ਥਾਣੇ ਦੇ ਬਾਹਰ ਸੜਕ ਜਾਮ ਕਰ ਦਿੱਤੀ। ਇਸ ਕਾਰਨ ਇਲਾਕੇ ਵਿੱਚ ਲੰਮਾ ਟ੍ਰੈਫਿਕ ਜਾਮ ਲੱਗ ਗਿਆ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਕਾਫ਼ੀ ਮੁਸ਼ੱਕਤ ਕਰਨੀ ਪਈ। ਮਾਹੌਲ ਤਣਾਅਪੂਰਨ ਹੁੰਦਾ ਦੇਖ ਕੇ ਥਾਣੇ ਵਿੱਚ ਵਾਧੂ ਪੁਲਿਸ ਫੋਰਸ ਵੀ ਬੁਲਾਈ ਗਈ।
ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਵਿਰੁੱਧ ਭਾਰਤੀ ਨਿਆਏ ਸੰਹਿਤਾ (BNS) ਦੀਆਂ ਧਾਰਾਵਾਂ 298 ਅਤੇ 299 ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਧਾਰਾਵਾਂ ਧਾਰਮਿਕ ਵਿਸ਼ਵਾਸਾਂ ਦਾ ਅਪਮਾਨ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਇਰਾਦੇ ਨਾਲ ਜਾਣਬੁੱਝ ਕੇ ਕੀਤੀਆਂ ਗਈਆਂ ਕਾਰਵਾਈਆਂ ਨਾਲ ਸਬੰਧਤ ਹਨ।
ਨਿਹੰਗ ਸਿੰਘਾਂ ਨੇ ਦਿੱਤੀ ਮੋਰਚਾ ਲਗਾਉਣ ਦੀ ਚੇਤਾਵਨੀ
ਮੌਕੇ 'ਤੇ ਮੌਜੂਦ ਨਿਹੰਗ ਸਿੰਘਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਜ਼ਿੰਮੇਵਾਰ ਮੈਂਬਰਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਮੋਰਚਾ ਲਗਾਉਣਗੇ। ਉਨ੍ਹਾਂ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਵਿਖੇ ਬੈਠ ਕੇ ਇਨਸਾਫ਼ ਦੀ ਮੰਗ ਕਰਨਗੇ।
ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਸਖ਼ਤ ਨਿੰਦਾ
ਇਸ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਵੀ ਆਪਣਾ ਪੱਖ ਰੱਖਿਆ। ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।
ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਬੇਅਦਬੀ ਦੀ ਘਟਨਾ 15 ਨਵੰਬਰ ਨੂੰ ਵਾਪਰੀ ਸੀ ਤਾਂ ਪ੍ਰਬੰਧਕ ਕਮੇਟੀ ਨੇ ਇੰਨੇ ਦਿਨਾਂ ਤੱਕ ਇਸ ਮਾਮਲੇ ਨੂੰ ਲੁਕਾ ਕੇ ਕਿਉਂ ਰੱਖਿਆ? ਸੰਗਤ ਨੂੰ ਸਮੇਂ ਸਿਰ ਜਾਣਕਾਰੀ ਕਿਉਂ ਨਹੀਂ ਦਿੱਤੀ ਗਈ?
ਸਰਨਾ ਨੇ ਕਿਹਾ ਕਿ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਕਿ ਘਟਨਾ ਨੂੰ ਇੰਨੇ ਦਿਨਾਂ ਤੱਕ ਛੁਪਾਉਣ ਪਿੱਛੇ ਕੀ ਕਾਰਨ ਜਾਂ ਰਾਜ ਸੀ ਅਤੇ ਇਸ ਵਿੱਚ ਕਿਸ ਦੀ ਕੀ ਭੂਮਿਕਾ ਰਹੀ ਹੈ।
ਉਨ੍ਹਾਂ ਮੰਗ ਕੀਤੀ ਕਿ ਪੁਲਿਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰੇ। ਸਿਰਫ਼ ਬੇਅਦਬੀ ਦੇ ਮੁਲਜ਼ਮ ਹੀ ਨਹੀਂ, ਸਗੋਂ ਘਟਨਾ ਦੀ ਜਾਣਕਾਰੀ ਹੋਣ ਦੇ ਬਾਵਜੂਦ ਇਸ ਨੂੰ ਸਮੇਂ ਸਿਰ ਜਨਤਕ ਨਾ ਕਰਨ ਵਾਲੇ ਜ਼ਿੰਮੇਵਾਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇ।