Punjab Infoline

ਪੰਜਾਬੀ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਕਾਲੀ ਦਲ ਦੀ NDA ’ਚ ਵਾਪਸੀ, PM ਮੋਦੀ ਨੇ ਜਤਾਈ ਖ਼ੁਸ਼ੀ

24 Nov, 2026 05:10 PM

 

ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੰਗਲਵਾਰ ਨੂੰ ਵੱਡਾ ਸਿਆਸੀ ਐਲਾਨ ਹੋਇਆ ਹੈ। ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗੱਠਜੋੜ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਅਕਾਲੀ ਦਲ ਦੀ NDA ਪਰਿਵਾਰ ਵਿੱਚ ਵਾਪਸੀ ’ਤੇ ਖ਼ੁਸ਼ੀ ਜ਼ਾਹਰ ਕੀਤੀ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਗੱਠਜੋੜ ਦਾ ਐਲਾਨ ਕੀਤਾ। ਇਸ ਕਾਨਫਰੰਸ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਵੀ ਮੌਜੂਦ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਇਸ ਸਾਂਝੇ ਸਮਾਗਮ ਵਿੱਚ ਸ਼ਾਮਲ ਹੋਏ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, “ਸਾਰਿਆਂ ਨੂੰ ਗੁਰਪੁਰਬ ਦੀਆਂ ਵਧਾਈਆਂ। ਸਾਡੇ ਕੌਮੀ ਪ੍ਰਧਾਨ ਦੀ ਅਗਵਾਈ ਹੇਠ ਅੱਜ ਇੱਕ ਮੀਟਿੰਗ ਹੋਈ ਹੈ ਅਤੇ ਉਸ ਵਿੱਚ ਅਕਾਲੀ ਦਲ ਤੇ ਭਾਜਪਾ ਦੇ ਪ੍ਰਮੁੱਖ ਆਗੂਆਂ ਨੇ ਬੈਠ ਕੇ ਇਹ ਫੈਸਲਾ ਲਿਆ ਹੈ ਕਿ ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਾਜਪਾ ਅਤੇ ਅਕਾਲੀ ਦਲ ਦੋਵੇਂ ਮਿਲ ਕੇ ਲੜਨਗੇ ਅਤੇ ਅੱਜ ਤੋਂ ਅਕਾਲੀ ਦਲ ਐਨ.ਡੀ.ਏ. (NDA) ਦੇ ਸਾਥੀ ਵਜੋਂ ਰਾਜਨੀਤੀ ਵਿੱਚ ਕੰਮ ਕਰੇਗਾ।”

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ, “ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਸਭ ਤੋਂ ਪਹਿਲਾਂ! ਮੈਨੂੰ ਬੇਹੱਦ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਐੱਨਡੀਏ ਪਰਿਵਾਰ ਵਿੱਚ ਵਾਪਸ ਪਰਤਿਆ ਹੈ ਅਤੇ ਉਹ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ। ਸਾਡਾ ਇੱਕ ਸੁਭਾਵਿਕ ਗੱਠਜੋੜ ਹੈ, ਜੋ ਇਹ ਯਕੀਨੀ ਬਣਾਏਗਾ ਕਿ ਪੰਜਾਬ ਦੇ ਲੋਕਾਂ ਨੂੰ ਲੋਕ-ਪੱਖੀ ਸਰਕਾਰ ਮਿਲੇ, ਜੋ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ’ਤੇ ਲੈ ਕੇ ਜਾਵੇ। ਅਟਲ ਜੀ, ਅਡਵਾਨੀ ਜੀ ਅਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਵੱਲੋਂ ਸਿੰਜਿਆ ਗਿਆ ਅਕਾਲੀ ਦਲ-ਭਾਜਪਾ ਗੱਠਜੋੜ ਹਮੇਸ਼ਾ ਸਮੇਂ ਦੀ ਕਸੌਟੀ ’ਤੇ ਖਰਾ ਉਤਰਿਆ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਡਾ ਗੱਠਜੋੜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਵਜੋਂ ਉੱਭਰੇਗਾ।”

 

Latest News