Punjab Infoline

ਪੰਜਾਬੀ

ਘਟਨਾ ਨਾਲ ਜੁੜੇ ਸਵਾਲਾਂ ਦੇ ਜਵਾਬ ਜਾਂਚ ਰਿਪੋਰਟ ਤੋਂ ਬਾਅਦ ਦਿੱਤੇ ਜਾਣਗੇ: ਐਡਵੋਕੇਟ ਧਾਮੀ

22 Sep, 2026 04:56 PM

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਘਟਨਾ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ’ਤੇ ਅਧਾਰਤ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ।

ਚਾਰ ਮੈਂਬਰੀ ਕਮੇਟੀ ਗਠਿਤ

ਜਾਂਚ ਕਮੇਟੀ ਵਿੱਚ ਸ. ਬਲਦੇਵ ਸਿੰਘ ਕਾਇਮਪੁਰੀ, ਸ. ਗੁਰਮੀਤ ਸਿੰਘ ਬੂਹ, ਬੀਬੀ ਗੁਰਿੰਦਰ ਕੌਰ ਭੌਲੂਵਾਲ ਅਤੇ ਭਾਈ ਗੁਰਬਖਸ਼ ਸਿੰਘ ਖ਼ਾਲਸਾ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਕਮੇਟੀ ਦੇ ਕੋਆਰਡੀਨੇਟਰ ਵਜੋਂ ਕੰਮ ਕਰਨਗੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਗਤ ਵੱਲੋਂ ਜੋ ਵੀ ਸਵਾਲ ਚੁੱਕੇ ਜਾ ਰਹੇ ਹਨ, ਉਨ੍ਹਾਂ ਦੇ ਜਵਾਬ ਤੱਥਾਂ ਸਹਿਤ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਦਿੱਤੇ ਜਾਣਗੇ।

ਬੀਬੀ ਨਾਲ ਮੁਲਾਕਾਤ ਬਾਰੇ ਐਡਵੋਕੇਟ ਧਾਮੀ ਦਾ ਸਪੱਸ਼ਟੀਕਰਨ

ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਪਰਚਾ ਦਰਜ ਕਰਵਾਉਣ ਵਾਲੀ ਬੀਬੀ ਉਨ੍ਹਾਂ ਨੂੰ ਮਿਲੀ ਜ਼ਰੂਰ ਸੀ, ਪਰ ਉਸ ਨੇ ਉਨ੍ਹਾਂ ਨਾਲ ਅਮਰਜੀਤ ਸਿੰਘ ਚਾਵਲਾ ਵੱਲੋਂ ਜਬਰ-ਜਨਾਹ ਬਾਰੇ ਕੋਈ ਗੱਲ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਜੇਕਰ ਬੀਬੀ ਨੇ ਉਨ੍ਹਾਂ ਨਾਲ ਅਜਿਹੀ ਕੋਈ ਗੱਲ ਕੀਤੀ ਹੁੰਦੀ ਤਾਂ ਉਹ ਚੁੱਪ ਨਹੀਂ ਰਹਿੰਦੇ।

ਮਲਕੀਤ ਸਿੰਘ ਦੀਆਂ ਸੇਵਾਵਾਂ ਖਤਮ, ਚਾਵਲਾ ਦਾ ਅਸਤੀਫ਼ਾ ਪ੍ਰਵਾਨ

ਐਡਵੋਕੇਟ ਧਾਮੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਦੇ ਫ਼ੈਸਲੇ ਦੀ ਰੌਸ਼ਨੀ ਵਿੱਚ ਪੰਥ ਵਿੱਚੋਂ ਖਾਰਜ ਕੀਤੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਅੱਤਲ ਗ੍ਰੰਥੀ ਮਲਕੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਕੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਅਮਰਜੀਤ ਸਿੰਘ ਚਾਵਲਾ ਦਾ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਅਸਤੀਫ਼ਾ ਵੀ ਪ੍ਰਵਾਨ ਕਰ ਲਿਆ ਗਿਆ ਹੈ।

Posted By: Punjab Infoline Bureau

Latest News