ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਦੀ ਤਰੀਕ ਬਦਲੀ, 17 ਨਵੰਬਰ ਨੂੰ ਹੋਵੇਗਾ ਅੰਤਿਮ ਸਸਕਾਰ
- ਪੰਜਾਬ
- (Asia/Kolkata)
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਦੀ ਤਰੀਕ ਬਦਲ ਦਿੱਤੀ ਗਈ ਹੈ। ਹੁਣ ਉਨ੍ਹਾਂ ਦਾ ਸਸਕਾਰ 17 ਨਵੰਬਰ ਨੂੰ ਹੋਵੇਗਾ, ਜਦਕਿ 19 ਨਵੰਬਰ ਨੂੰ ਭੋਗ ਪਾਏ ਜਾਣਗੇ। ਇਸ ਸਬੰਧੀ ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਅੰਤਰਿਮ ਜ਼ਮਾਨਤ ਦੀ ਮਿਆਦ ਅਤੇ ਤਰੀਕ ਬਦਲਣ ਵਾਸਤੇ ਅਦਾਲਤ ਵਿੱਚ ਨਵੀਂ ਅਰਜ਼ੀ ਦਾਇਰ ਕੀਤੀ ਗਈ ਹੈ।
ਲੀਗਲ ਪੈਨਲ ਦੇ ਵਕੀਲ ਕਰਮਵੀਰ ਸਿੰਘ ਪੰਨੂ ਨੇ ਦੱਸਿਆ ਕਿ ਅਦਾਲਤ ਨੇ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ 14 ਨਵੰਬਰ ਲਈ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ। ਹਾਲਾਂਕਿ, ਜ਼ਮਾਨਤ ਨਾਲ ਸਬੰਧਤ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਵਿੱਚ ਵਧੇਰੇ ਸਮਾਂ ਲੱਗਣ ਕਾਰਨ ਉਨ੍ਹਾਂ ਦਾ 14 ਨਵੰਬਰ ਨੂੰ ਸਸਕਾਰ ਵਿੱਚ ਸ਼ਾਮਲ ਹੋਣਾ ਸੰਭਵ ਨਹੀਂ ਸੀ। ਇਸ ਕਾਰਨ ਸਸਕਾਰ ਦੀ ਤਰੀਕ ਬਦਲ ਕੇ 17 ਨਵੰਬਰ ਕਰ ਦਿੱਤੀ ਗਈ ਹੈ।
ਐਡਵੋਕੇਟ ਪੰਨੂ ਮੁਤਾਬਕ, 17 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 19 ਨਵੰਬਰ ਨੂੰ ਭੋਗ ਪਾਏ ਜਾਣਗੇ। ਇਸ ਨੂੰ ਦੇਖਦੇ ਹੋਏ ਵਕੀਲਾਂ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ 17 ਤੋਂ 19 ਨਵੰਬਰ ਤੱਕ ਅੰਤਰਿਮ ਜ਼ਮਾਨਤ ਦਿੱਤੀ ਜਾਵੇ। ਇਸ ਅਰਜ਼ੀ ’ਤੇ ਅਦਾਲਤ ਦੇ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਨੇ ਕੀਤਾ ਸੀ ਅੰਤਰਿਮ ਜ਼ਮਾਨਤ ਦਾ ਵਿਰੋਧ
ਐਡਵੋਕੇਟ ਪੰਨੂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਅੰਤਰਿਮ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਸੀ। ਹਾਲਾਂਕਿ, ਪਾਰਟੀ ਦੇ ਲੀਗਲ ਸੈੱਲ ਦੇ ਵਕੀਲਾਂ ਵੱਲੋਂ ਜ਼ੋਰਦਾਰ ਬਹਿਸ ਕੀਤੇ ਜਾਣ ਤੋਂ ਬਾਅਦ ਅਦਾਲਤ ਨੇ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦੀ ਮਨਜ਼ੂਰੀ ਦਿੱਤੀ ਸੀ।
ਪਾਰਟੀ ਦੇ ਬੁਲਾਰੇ ਨੇ ਵੀ ਅਦਾਲਤ ਦੇ ਫੈਸਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਇੱਕ ਦਿਨ, ਉਨ੍ਹਾਂ ਦੇ ਚਾਚੇ ਨੂੰ ਦੋ ਦਿਨ ਅਤੇ ਇੱਕ ਹੋਰ ਰਿਸ਼ਤੇਦਾਰ ਨੂੰ ਤਿੰਨ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਕਾਨੂੰਨੀ ਪ੍ਰਕਿਰਿਆ ਵਿੱਚ ਵਧੇਰੇ ਸਮਾਂ ਲੱਗਣ ਕਾਰਨ ਹੀ ਅਦਾਲਤ ਨੂੰ ਤਰੀਕਾਂ ਬਦਲਣ ਦੀ ਅਪੀਲ ਕੀਤੀ ਗਈ ਹੈ। ਇਸੇ ਅਨੁਸਾਰ ਸਸਕਾਰ ਦਾ ਪ੍ਰੋਗਰਾਮ ਵੀ ਤੈਅ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ।