Punjab Infoline

ਪੰਜਾਬੀ

Zirakpur Firing: ਫਾਰਚੂਨਰ ਗੱਡੀ ’ਤੇ ਦੋ ਫਾਇਰ, ਮਾਂ-ਪੁੱਤ ਸਮੇਤ ਚਾਰ ਵਿਅਕਤੀ ਵਾਲ-ਵਾਲ ਬਚੇ

18 Nov, 2026 08:40 AM

Zirakpur Firing: ਮੁਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਵਿੱਚ ਸਤਾਬਗੜ੍ਹ ਰੋਡ ’ਤੇ ਬੀਤੀ ਰਾਤ ਇੱਕ ਫਾਰਚੂਨਰ ਗੱਡੀ ’ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਸ ਘਟਨਾ ਦੌਰਾਨ ਗੱਡੀ ’ਤੇ ਦੋ ਗੋਲੀਆਂ ਚਲਾਈਆਂ ਗਈਆਂ। ਗੱਡੀ ਵਿੱਚ ਸਵਾਰ ਤਿੰਨ ਵਿਅਕਤੀਆਂ ਅਤੇ ਡਰਾਈਵਰ ਦਾ ਬਚਾਅ ਹੋ ਗਿਆ ਅਤੇ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।

ਪ੍ਰਾਪਤ ਜਾਣਕਾਰੀ ਅਨੁਸਾਰ, ਚੰਡੀਗੜ੍ਹ ਦੇ ਰਹਿਣ ਵਾਲੇ ਕੁਝ ਵਿਅਕਤੀ ਆਪਣੀ ਫਾਰਚੂਨਰ ਗੱਡੀ ਵਿੱਚ ਸਫ਼ਰ ਕਰ ਰਹੇ ਸਨ। ਜ਼ੀਰਕਪੁਰ ਥਾਣਾ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਪੀੜਤ ਸਤਾਬਗੜ੍ਹ ਰੋਡ ’ਤੇ ਮੈਕਡੋਨਲਡ ਵਾਲੀ ਸਾਈਡ ਤੋਂ ਆ ਕੇ ਮੁਹਾਲੀ ਵੱਲ ਜਾ ਰਹੇ ਸਨ। ਜਦੋਂ ਉਹ ਨਿਰਧਾਰਤ ਸਥਾਨ ’ਤੇ ਖੜ੍ਹੇ ਸਨ ਤਾਂ ਮੋਟਰਸਾਈਕਲ ’ਤੇ ਆਏ ਦੋ ਵਿਅਕਤੀਆਂ ਨੇ ਉਨ੍ਹਾਂ ਦੀ ਗੱਡੀ ’ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ।

ਮੌਕੇ ’ਤੇ ਪਹੁੰਚੀ ਪੁਲਿਸ, ਸਾਰੇ ਸਵਾਰ ਸੁਰੱਖਿਅਤ

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਥਾਣਾ ਮੁਖੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਫਾਰਚੂਨਰ ਵਿੱਚ ਸਵਾਰ ਤਿੰਨ ਵਿਅਕਤੀਆਂ ਅਤੇ ਡਰਾਈਵਰ ਸੁਰੱਖਿਅਤ ਹਨ। ਹਮਲੇ ਵਿੱਚ ਕਿਸੇ ਨੂੰ ਕੋਈ ਸੱਟ ਨਹੀਂ ਲੱਗੀ।

ਪੁਲਿਸ ਨੇ ਗੈਂਗਵਾਰ ਤੋਂ ਕੀਤਾ ਇਨਕਾਰ

ਗੈਂਗਵਾਰ ਦੀ ਸੰਭਾਵਨਾ ਬਾਰੇ ਪੁੱਛੇ ਜਾਣ ’ਤੇ ਪੁਲਿਸ ਨੇ ਸਪੱਸ਼ਟ ਕੀਤਾ ਕਿ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਕਿਸੇ ਗੈਂਗਵਾਰ ਨਾਲ ਜੁੜਿਆ ਹੋਇਆ ਨਹੀਂ ਜਾਪਦਾ। ਪੁਲਿਸ ਮੁਤਾਬਕ ਫਾਇਰਿੰਗ ਪਿੱਛੇ ਕਿਸੇ ਧਿਰ ਨਾਲ ਜੁੜਿਆ ਪੁਰਾਣਾ ਪ੍ਰਾਪਰਟੀ ਵਿਵਾਦ ਹੋਣ ਦਾ ਖ਼ਦਸ਼ਾ ਹੈ। ਹਾਲਾਂਕਿ, ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੋਟਰਸਾਈਕਲ ਸਵਾਰ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਦੀ ਭਾਲ ਲਈ ਪੁਲਿਸ ਵੱਲੋਂ ਆਸ-ਪਾਸ ਦੇ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਹਮਲਾਵਰ ਕਿਸ ਦਿਸ਼ਾ ਤੋਂ ਆਏ ਸਨ ਅਤੇ ਵਾਰਦਾਤ ਤੋਂ ਬਾਅਦ ਕਿਹੜੇ ਰਸਤੇ ਰਾਹੀਂ ਫਰਾਰ ਹੋਏ।

ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਫਾਇਰਿੰਗ ਦੇ ਅਸਲ ਕਾਰਨਾਂ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਹੋਰ ਜਾਣਕਾਰੀ ਸਾਹਮਣੇ ਆ ਸਕਦੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।

Latest News