Punjab Infoline

ਪੰਜਾਬੀ

ਸੁਖਬੀਰ ਬਾਦਲ ਦਾ ਦਾਅਵਾ: ਭਗਵੰਤ ਮਾਨ ਧੂਰੀ ਤੋਂ ਵਿਧਾਨ ਸਭਾ ਚੋਣ ਹਾਰਨਗੇ

02 Nov, 2026 01:01 PM

Punjab Politics: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਗਠਜੋੜ ਬਾਰੇ ਥੋੜ੍ਹੇ ਹੀ ਦਿਨਾਂ ਵਿੱਚ ਸਭ ਨੂੰ ਪਤਾ ਲੱਗ ਜਾਵੇਗਾ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਹਾਰਨਗੇ।

ਗਠਜੋੜ ਬਾਰੇ ਕੀ ਬੋਲੇ ਸੁਖਬੀਰ ਬਾਦਲ?

ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਕੋਈ ਪੰਡਿਤ ਨਹੀਂ ਹਨ ਜੋ ਅੱਜ ਹੀ ਗਠਜੋੜ ਬਾਰੇ ਐਲਾਨ ਕਰ ਦੇਣ। ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਸਬੰਧੀ ਥੋੜ੍ਹੇ ਹੀ ਸਮੇਂ ਵਿੱਚ ਸਾਰਿਆਂ ਨੂੰ ਪਤਾ ਲੱਗ ਜਾਵੇਗਾ।

ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਉਨ੍ਹਾਂ ਸਿਆਸੀ ਧਿਰਾਂ ਨਾਲ ਗਠਜੋੜ ਦੇ ਰਾਹ ਖੁੱਲ੍ਹੇ ਹਨ, ਜੋ ਅਕਾਲੀ ਦਲ ਦੀ ਵਿਚਾਰਧਾਰਾ ਨਾਲ ਸਹਿਮਤ ਹਨ।

‘ਆਪ’ ਦੇ ਵਿਧਾਇਕਾਂ ਸਣੇ ਕਈ ਆਗੂ ਪਾਰਟੀ ਛੱਡਣਗੇ

ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਸਮੇਤ ਸਾਰੇ ਆਗੂ ਪਾਰਟੀ ਤੋਂ ਬਹੁਤ ਦੁਖੀ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਆਗੂ ਇੱਕ-ਇੱਕ ਕਰਕੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦੇਣਗੇ।

ਭਗਵੰਤ ਮਾਨ ਦੇ ਧੂਰੀ ਤੋਂ ਚੋਣ ਹਾਰਨ ਦਾ ਕੀਤਾ ਦਾਅਵਾ

ਅਕਾਲੀ ਦਲ ਦੇ ਪ੍ਰਧਾਨ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਜ਼ਰੂਰ ਹਾਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਨਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਨਫ਼ਰਤ ਲਗਾਤਾਰ ਵਧ ਰਹੀ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦਾ ਸਫ਼ਾਇਆ ਕਰਨਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਵਿੱਚ ਲਿਆਉਣਗੇ।

Latest News