Punjab Infoline

ਪੰਜਾਬੀ

ਰਾਜ ਕੁੰਦਰਾ ਦੀ ਫ਼ਿਲਮ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਪ੍ਰਵਾਨਗੀ ਮਿਲਣ ਦਾ ਦਾਅਵਾ ਗੁੰਮਰਾਹਕੁਨ, ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤਾ ਸਪੱਸ਼ਟ

20 Nov, 2026 04:37 PM

Raj Kundra Movie Controversy: ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫ਼ਿਲਮ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟ ਕੀਤਾ ਹੈ ਕਿ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਸ ਫ਼ਿਲਮ ਸਬੰਧੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਰਾਜ ਕੁੰਦਰਾ ਵੱਲੋਂ ਇੱਕ ਸਮਾਗਮ ਦੌਰਾਨ ਜਥੇਦਾਰ ਨਾਲ ਮੁਲਾਕਾਤ ਦਾ ਹਵਾਲਾ ਦਿੱਤੇ ਜਾਣ ਤੋਂ ਬਾਅਦ ਇਹ ਸਪੱਸ਼ਟੀਕਰਨ ਸਾਹਮਣੇ ਆਇਆ ਹੈ।

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਰਾਜ ਕੁੰਦਰਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲਣ ਲਈ ਸਕੱਤਰੇਤ ਵਿਖੇ ਆਏ ਸਨ। ਇਸ ਦੌਰਾਨ ਉਨ੍ਹਾਂ ਨੇ ਆਪਣੀ ਬਣਾਈ ਜਾ ਰਹੀ ਫ਼ਿਲਮ ਸਬੰਧੀ ਵਿਚਾਰ ਰੱਖੇ ਸਨ।

ਬਗੀਚਾ ਸਿੰਘ ਅਨੁਸਾਰ, ਮੁਲਾਕਾਤ ਦੌਰਾਨ ਸਿੰਘ ਸਾਹਿਬ ਨੇ ਰਾਜ ਕੁੰਦਰਾ ਦੀ ਗੱਲਬਾਤ ਧਿਆਨ ਨਾਲ ਸੁਣੀ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਫ਼ਿਲਮਾਂ ਸਬੰਧੀ 28 ਦਸੰਬਰ 2025 ਨੂੰ ਹੋਏ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਨੰਬਰ ਅ:ਤ/242 ਦੀ ਕਾਪੀ ਦਿੱਤੀ ਗਈ ਸੀ। ਇਸ ਆਦੇਸ਼ ਵਿੱਚ ਸਪੱਸ਼ਟ ਦਰਜ ਹੈ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ ਅਤੇ ਸ਼ਹੀਦਾਂ ਦੀ ਨਕਲ ਕਰਕੇ ਫ਼ਿਲਮਾਂ ਨਹੀਂ ਬਣਾਈਆਂ ਜਾ ਸਕਦੀਆਂ। ਇਸੇ ਤਰ੍ਹਾਂ ਸਿੱਖ ਸੰਸਕਾਰਾਂ ਦੀ ਨਕਲ ਕਰਕੇ ਸਿੱਖ ਇਤਿਹਾਸ ਦੇ ਵੱਖ-ਵੱਖ ਪਹਿਲੂਆਂ 'ਤੇ ਆਧਾਰਿਤ ਫ਼ਿਲਮਾਂ, ਐਨੀਮੇਸ਼ਨ ਫ਼ਿਲਮਾਂ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਵੀਡੀਓ ਬਣਾਉਣ ਦੀ ਵੀ ਮਨਾਹੀ ਹੈ।

ਜਥੇਦਾਰ ਵੱਲੋਂ ਫ਼ਿਲਮ ਨੂੰ ਪ੍ਰਵਾਨਗੀ ਦੇਣ ਦੀਆਂ ਖ਼ਬਰਾਂ ਗੁੰਮਰਾਹਕੁਨ

ਉਨ੍ਹਾਂ ਕਿਹਾ ਕਿ ਮੌਜੂਦਾ ਤਕਨਾਲੋਜੀ ਦੇ ਦੌਰ ਵਿੱਚ ਸਿੱਖ ਪਛਾਣ, ਰਵਾਇਤਾਂ, ਸਿਧਾਂਤਾਂ ਅਤੇ ਫ਼ਲਸਫ਼ੇ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਪੁਰਾਤਨ ਰਵਾਇਤਾਂ, ਸਾਖੀ ਪਰੰਪਰਾ, ਗੁਰਦੁਆਰਾ ਸਾਹਿਬਾਨ ਅਤੇ ਸਿੱਖ ਸੰਸਥਾਵਾਂ ਰਾਹੀਂ ਰਵਾਇਤੀ ਪ੍ਰਚਾਰ ਤੇ ਪ੍ਰਸਾਰ ਨੂੰ ਕਾਇਮ ਰੱਖਣਾ ਅਤੇ ਪ੍ਰਫੁੱਲਿਤ ਕਰਨਾ ਬਹੁਤ ਜ਼ਰੂਰੀ ਹੈ।

ਬਗੀਚਾ ਸਿੰਘ ਨੇ ਦੱਸਿਆ ਕਿ ਰਾਜ ਕੁੰਦਰਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਫ਼ਿਲਮਾਂ ਸਬੰਧੀ ਪਿਛਲੇ ਮਤੇ ਵੀ ਦਿੱਤੇ ਗਏ ਸਨ, ਤਾਂ ਜੋ ਉਹ ਇਨ੍ਹਾਂ ਨੂੰ ਧਿਆਨ ਵਿੱਚ ਰੱਖ ਸਕਣ।

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਕੁਝ ਅਣਅਧਿਕਾਰਤ ਖਾਤਿਆਂ ਰਾਹੀਂ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਜ ਕੁੰਦਰਾ ਨੂੰ ਉਨ੍ਹਾਂ ਦੀ ਫ਼ਿਲਮ ਸਬੰਧੀ ਪ੍ਰਵਾਨਗੀ ਦਿੱਤੀ ਹੈ। ਇਹ ਦਾਅਵਾ ਬਿਲਕੁਲ ਗਲਤ ਅਤੇ ਗੁੰਮਰਾਹਕੁਨ ਹੈ।

ਬਗੀਚਾ ਸਿੰਘ ਨੇ ਕਿਹਾ ਕਿ ਅਜਿਹੀਆਂ ਸੋਸ਼ਲ ਮੀਡੀਆ ਪੋਸਟਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।

Latest News