ਅੰਮ੍ਰਿਤਪਾਲ ਸਿੰਘ ਸਖ਼ਤ ਸੁਰੱਖਿਆ ਹੇਠ ਜੱਲੂਪੁਰ ਖੇੜਾ ਪਹੁੰਚਣਗੇ, ਦੁਪਹਿਰ 1 ਵਜੇ ਹੋਵੇਗਾ ਦਾਦੀ ਦਾ ਅੰਤਿਮ ਸਸਕਾਰ
- ਪੰਜਾਬ
- (Asia/Kolkata)
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਪੁਲੀਸ ਸੁਰੱਖਿਆ ਹੇਠ ਅੰਮ੍ਰਿਤਸਰ ਪਹੁੰਚ ਗਏ ਹਨ। ਉਨ੍ਹਾਂ ਦੀ ਦਾਦੀ ਦਾ ਅੰਤਿਮ ਸਸਕਾਰ ਅੱਜ ਦੁਪਹਿਰ 1 ਵਜੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚਣਗੇ। ਪਿੰਡ ਵਿੱਚ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਅੰਮ੍ਰਿਤਸਰ ਦੇ ਵਧੀਕ ਸੈਸ਼ਨ ਜੱਜ ਨੇ ਮਨੁੱਖੀ ਆਧਾਰ ’ਤੇ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਪੁਲੀਸ ਹਿਰਾਸਤ ਵਿੱਚ ਪਿੰਡ ਜੱਲੂਪੁਰ ਖੇੜਾ ਵਿਖੇ ਰਹਿਣ ਦੀ ਹਿਰਾਸਤੀ ਪੈਰੋਲ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਸੱਤ ਵਾਹਨਾਂ ਦੇ ਕਾਫ਼ਲੇ ਰਾਹੀਂ ਹਵਾਈ ਅੱਡੇ ਲਿਆਂਦਾ ਗਿਆ। ਉੱਥੋਂ ਹਵਾਈ ਜਹਾਜ਼ ਰਾਹੀਂ ਪਹਿਲਾਂ ਦਿੱਲੀ ਅਤੇ ਫਿਰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ, ਰਾਜਾਸਾਂਸੀ (ਅੰਮ੍ਰਿਤਸਰ) ਲਿਆਂਦਾ ਗਿਆ। ਤੈਅ ਪ੍ਰਬੰਧਾਂ ਅਨੁਸਾਰ ਉਨ੍ਹਾਂ ਨੂੰ 22 ਨਵੰਬਰ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਪਹੁੰਚਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ 8 ਨਵੰਬਰ ਨੂੰ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਪਰਿਵਾਰ ਲੰਮੇ ਸਮੇਂ ਤੋਂ ਉਡੀਕ ਕਰ ਰਿਹਾ ਸੀ ਕਿ ਉਹ ਆਪਣੀ ਦਾਦੀ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਸਕਣ। ਇਸ ਤੋਂ ਪਹਿਲਾਂ 14 ਨਵੰਬਰ ਨੂੰ ਵੀ ਉਨ੍ਹਾਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕੀਤਾ ਗਿਆ ਸੀ, ਪਰ ਡਿਬਰੂਗੜ੍ਹ ਅਤੇ ਅੰਮ੍ਰਿਤਸਰ ਵਿਚਾਲੇ ਢੁਕਵੀਆਂ ਹਵਾਈ ਉਡਾਣਾਂ ਅਤੇ ਆਵਾਜਾਈ ਦੇ ਸਾਧਨ ਉਪਲਬਧ ਨਾ ਹੋਣ ਕਾਰਨ ਇਹ ਸੰਭਵ ਨਹੀਂ ਹੋ ਸਕਿਆ ਸੀ।
ਇਸ ਤੋਂ ਬਾਅਦ ਪੰਜਾਬ ਦੀ ਅਦਾਲਤ ਵੱਲੋਂ 17 ਨਵੰਬਰ ਨੂੰ ਜਾਰੀ ਕੀਤੇ ਨਵੇਂ ਹੁਕਮਾਂ ਤਹਿਤ ਇਹ ਹਿਰਾਸਤੀ ਪੈਰੋਲ ਲਾਗੂ ਕੀਤੀ ਗਈ ਹੈ।
ਅਜਨਾਲਾ ਥਾਣਾ ਕਾਂਡ ਤੋਂ ਬਾਅਦ ਹੋਏ ਸਨ ਗ੍ਰਿਫ਼ਤਾਰ
ਅੰਮ੍ਰਿਤਪਾਲ ਸਿੰਘ ਫਰਵਰੀ 2023 ਵਿੱਚ ਅਜਨਾਲਾ ਥਾਣੇ ਵਿਖੇ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਕੇਂਦਰ ਬਣੇ ਸਨ। 23 ਫਰਵਰੀ 2023 ਨੂੰ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਦੀ ਰਿਹਾਈ ਲਈ ਅਜਨਾਲਾ ਥਾਣੇ ਦੇ ਬੈਰੀਕੇਡ ਤੋੜ ਦਿੱਤੇ ਸਨ। ਇਸ ਦੌਰਾਨ ਹੋਏ ਟਕਰਾਅ ਵਿੱਚ ਐੱਸਪੀ ਜੁਗਰਾਜ ਸਿੰਘ ਸਮੇਤ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ।
ਇਸ ਘਟਨਾ ਤੋਂ ਬਾਅਦ ਪੁਲੀਸ ਵੱਲੋਂ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਭਾਲ ਕੀਤੇ ਜਾਣ ਮਗਰੋਂ 23 ਅਪ੍ਰੈਲ 2023 ਨੂੰ ਉਨ੍ਹਾਂ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਤਹਿਤ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਹੁਣ ਲਗਪਗ ਤਿੰਨ ਸਾਲ ਸੱਤ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਉਹ ਆਪਣੇ ਪਰਿਵਾਰ ਵਿਚਕਾਰ ਪਹੁੰਚ ਰਹੇ ਹਨ।