Punjab Infoline

ਪੰਜਾਬੀ

ਰੂਪਨਗਰ ਦੇ ਨਾਨਕਪੁਰਾ ਪਿੰਡ 'ਚ 7 ਸਾਲਾ ਬੱਚੀ ਦਾ ਕਤਲ, ਬਿਹਾਰ ਵਾਸੀ ਮੁਲਜ਼ਮ ਗ੍ਰਿਫ਼ਤਾਰ

23 Nov, 2026 06:48 PM

Rupnagar Crime News: ਰੂਪਨਗਰ ਦੇ ਨਜ਼ਦੀਕੀ ਪਿੰਡ ਨਾਨਕਪੁਰਾ ਵਿੱਚ 7 ਸਾਲਾ ਬੱਚੀ ਨਾਲ ਕਥਿਤ ਜਬਰ-ਜਨਾਹ ਦੀ ਕੋਸ਼ਿਸ਼ ਅਤੇ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਇੱਕ ਪ੍ਰਵਾਸੀ ਵਿਅਕਤੀ ਨੇ ਬੱਚੀ ਨੂੰ 10 ਰੁਪਏ ਦੇ ਕੁਰਕੁਰਿਆਂ ਦਾ ਲਾਲਚ ਦੇ ਕੇ ਆਪਣੇ ਨਾਲ ਲੈ ਗਿਆ ਅਤੇ ਉਸ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਕੀਤੀ। ਬੱਚੀ ਵੱਲੋਂ ਵਿਰੋਧ ਕਰਨ ਅਤੇ ਰੌਲਾ ਪਾਉਣ 'ਤੇ ਮੁਲਜ਼ਮ ਨੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਅਜੈ ਕੁਮਾਰ ਵਾਸੀ ਬਿਹਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮੁੱਢਲੀ ਜਾਣਕਾਰੀ ਅਨੁਸਾਰ, ਮੁਲਜ਼ਮ ਬੱਚੀ ਨੂੰ ਪਿੰਡ ਨੇੜੇ ਜੰਗਲ ਵਿੱਚ ਲੈ ਗਿਆ ਸੀ। ਉੱਥੇ ਉਸ ਨੇ ਕਥਿਤ ਤੌਰ 'ਤੇ ਬੱਚੀ ਦੀਆਂ ਬਾਹਾਂ ਬੰਨ੍ਹ ਕੇ ਉਸ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਬੱਚੀ ਨੇ ਵਿਰੋਧ ਕੀਤਾ ਅਤੇ ਰੌਲਾ ਪਾਇਆ ਤਾਂ ਉਸ ਦਾ ਗਲਾ ਘੁੱਟ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਨੇ ਬੱਚੀ ਦੀ ਲਾਸ਼ ਪਾਣੀ ਵਿੱਚ ਸੁੱਟ ਦਿੱਤੀ। ਪੁਲਿਸ ਅਨੁਸਾਰ, ਗ੍ਰਿਫ਼ਤਾਰੀ ਸਮੇਂ ਮੁਲਜ਼ਮ ਨਸ਼ੇ ਦੀ ਹਾਲਤ ਵਿੱਚ ਸੀ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਰੂਪਨਗਰ ਪੁਲਿਸ ਨੇ ਕਰੀਬ 10 ਘੰਟਿਆਂ ਦੀ ਕਾਰਵਾਈ ਤੋਂ ਬਾਅਦ ਮਾਮਲੇ ਨੂੰ ਸੁਲਝਾਇਆ। ਪੁਲਿਸ ਨੇ ਮੁਲਜ਼ਮ ਨੂੰ ਰੇਲਵੇ ਸਟੇਸ਼ਨ ਤੋਂ ਕਾਬੂ ਕੀਤਾ। ਬੱਚੀ ਦੀ ਲਾਸ਼ ਸਵੇਰੇ ਜੰਗਲ ਵਿੱਚੋਂ ਨਿਕਲਦੇ ਇੱਕ ਸੂਏ ਵਿੱਚੋਂ ਬਰਾਮਦ ਕੀਤੀ ਗਈ।

10 ਘੰਟਿਆਂ ਦੀ ਕਾਰਵਾਈ ਤੋਂ ਬਾਅਦ ਮੁਲਜ਼ਮ ਗ੍ਰਿਫ਼ਤਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ SP ਰੂਪਨਗਰ ਹਰਸਿਮਰਤ ਸਿੰਘ ਛੇਤਰਾ ਨੇ ਦੱਸਿਆ ਕਿ 22 ਨਵੰਬਰ 2026 ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਥਾਣਾ ਸਿਟੀ ਰੂਪਨਗਰ ਅਧੀਨ ਆਉਂਦੇ ਪਿੰਡ ਨਾਨਕਪੁਰਾ ਵਿੱਚ ਰਹਿਣ ਵਾਲੇ ਇੱਕ ਪ੍ਰਵਾਸੀ ਮਜ਼ਦੂਰ ਪਰਿਵਾਰ ਦੀ 7 ਸਾਲਾ ਬੱਚੀ ਬੀਤੀ ਸ਼ਾਮ ਘਰੋਂ ਨਿਕਲੀ ਸੀ, ਪਰ ਵਾਪਸ ਨਹੀਂ ਪਰਤੀ।

ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਰੂਪਨਗਰ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ SHO ਸਿਟੀ ਰੂਪਨਗਰ ਅਤੇ DSP ਰੂਪਨਗਰ ਦੀ ਨਿਗਰਾਨੀ ਹੇਠ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਅਤੇ ਬੱਚੀ ਦੀ ਭਾਲ ਸ਼ੁਰੂ ਕੀਤੀ ਗਈ।

ਪੁਲਿਸ ਨੂੰ ਸੂਚਨਾ ਮਿਲੀ ਕਿ ਕੋਈ ਵਿਅਕਤੀ ਬੱਚੀ ਨੂੰ ਬਹਿਲਾ-ਫੁਸਲਾ ਕੇ ਜੰਗਲ ਵੱਲ ਲੈ ਗਿਆ ਸੀ। ਮਿਲੇ ਹੁਲੀਆ ਦੇ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ ਅਤੇ ਉਸ ਨੂੰ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਨੁਸਾਰ, ਗ੍ਰਿਫ਼ਤਾਰੀ ਸਮੇਂ ਉਹ ਨਸ਼ੇ ਦੀ ਹਾਲਤ ਵਿੱਚ ਸੀ।

ਜੰਗਲ ਨੇੜੇ ਸੂਏ ਵਿੱਚੋਂ ਮਿਲੀ ਬੱਚੀ ਦੀ ਲਾਸ਼

ਪੁਲਿਸ ਨੇ ਸਵੇਰੇ ਜੰਗਲ ਵਿੱਚੋਂ ਨਿਕਲਦੇ ਇੱਕ ਸੂਏ ਵਿੱਚੋਂ ਬੱਚੀ ਦੀ ਮ੍ਰਿਤਕ ਦੇਹ ਬਰਾਮਦ ਕੀਤੀ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਮੌਕੇ 'ਤੇ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ। ਮਾਹਿਰਾਂ ਨੇ ਜਾਂਚ ਲਈ ਘਟਨਾ ਸਥਾਨ ਤੋਂ ਨਮੂਨੇ ਇਕੱਠੇ ਕੀਤੇ ਅਤੇ ਬੱਚੀ ਦੀ ਲਾਸ਼ ਨੂੰ ਅਗਲੀ ਜਾਂਚ ਲਈ ਹਸਪਤਾਲ ਭੇਜ ਦਿੱਤਾ।

ਪੁਲਿਸ ਅਨੁਸਾਰ, ਬੱਚੀ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਸਨ। ਉਸ ਦੀ ਮੌਤ ਦੇ ਹਾਲਾਤ ਅਤੇ ਉਸ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਸਬੰਧੀ ਹੋਰ ਜਾਣਕਾਰੀ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ। ਬੱਚੀ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

SP ਹਰਸਿਮਰਤ ਸਿੰਘ ਛੇਤਰਾ ਅਨੁਸਾਰ, ਮੁਲਜ਼ਮ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਸ ਦੇ ਅਪਰਾਧਿਕ ਪਿਛੋਕੜ ਦੀ ਵੀ ਜਾਂਚ ਕੀਤੀ ਜਾਵੇਗੀ। ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਸਕੇ। ਪੁਲਿਸ ਨੇ ਕਿਹਾ ਹੈ ਕਿ ਜਾਂਚ ਅਤੇ ਮੈਡੀਕਲ ਰਿਪੋਰਟ ਤੋਂ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Latest News