ਹਲਕਾ ਸਮਾਣਾ 'ਚ ਗੜੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ-ਐਮ.ਐਲ.ਏ. ਰਾਜਿੰਦਰ ਸਿੰਘ
- ਪੰਜਾਬ
- 12 Mar,2021
 
              
  
      ਸਮਾਣਾ, 12 ਮਾਰਚ(ਪੀ ਐੱਸ ਗਰੇਵਾਲ)-ਵਿਧਾਨ ਸਭਾ ਹਲਕਾ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਗੜੇਮਾਰੀ ਕਾਰਨ ਪ੍ਰਭਾਵਤ ਹਲਕਾ ਸਮਾਣਾ ਦੇ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ, ਜਿਨ੍ਹਾਂ 'ਚ ਬੀਤੇ ਦਿਨੀਂ ਹੋਈ ਗੜੇਮਾਰੀ ਕਰਕੇ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਸਮਾਣਾ ਨਮਨ ਮੜਕਨ, ਨਾਇਬ ਤਹਿਸੀਲਦਾਰ ਹਰਨੇਕ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ਪਿੰਡ ਕਾਹਨਗੜ੍ਹ, ਗਾਜੀਪੁਰ, ਫਤਿਹਮਾਜਰੀ ਤੇ ਕੁਤਬਨਪੁਰ ਦਾ ਦੌਰਾ ਕਰਦਿਆਂ ਵਿਧਾਇਕ ਨੇ ਦੱਸਿਆ ਕਿ ਗੜੇਮਾਰੀ ਕਰਕੇ ਜਿਹੜੇ ਕਿਸਾਨਾਂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ।ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲੈਣ ਮੌਕੇ ਸ. ਰਜਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਗੜੇਮਾਰੀ ਕਾਰਨ ਹਲਕਾ ਸਮਾਣਾ ਦੇ ਜਿਹੜੇ ਪਿੰਡਾਂ 'ਚ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿਵਾਇਆ ਜਾਵੇਗਾ।ਉਨ੍ਹਾਂ ਐਸ. ਡੀ. ਐਮ. ਸ੍ਰੀ ਮੜਕਨ ਨੂੰ ਕਿਹਾ ਕਿ ਉਹ ਇਕ ਹਫਤੇ ਦੇ ਵਿਚ ਵਿਚ ਆਪਣੀ ਰਿਪੋਰਟ ਬਣਾ ਕੇ ਪੰਜਾਬ ਸਰਕਾਰ ਨੂੰ ਭੇਜਣ ਤਾਂ ਜੋ ਉਹ ਖਰਾਬੇ ਦੀ ਰਾਸ਼ੀ ਪਾਸ ਕਰਵਾ ਕੇ ਕਿਸਾਨਾਂ ਤੱਕ ਪਹੁੰਚਦੀ ਕੀਤੀ ਜਾ ਸਕੇ। ਸ੍ਰੀ ਨਮਨ ਮੜਕਨ ਨੇ ਦੱਸਿਆ ਕਿ ਉਨ੍ਹਾਂ ਨੇ ਹਲਕੇ ਦੇ ਪਟਵਾਰੀਆਂ ਤੋਂ ਮੁਢਲੀ ਰਿਪੋਰਟ ਮੰਗ ਲਈ ਹੈ ਅਤੇ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।ਵਿਧਾਇਕ ਰਜਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਆਪਣੀ ਫ਼ਸਲ ਪੁੱਤਾਂ ਵਾਂਗ ਪਾਲਦੇ ਹਨ, ਜਿਸ ਲਈ ਹਰ ਪ੍ਰਭਾਵਤ ਕਿਸਾਨ ਨੂੰ ਖਰਾਬੇ ਦਾ ਮੁਆਵਜ਼ਾ ਦਿਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਵੀ ਹਲਕੇ ਦੇ ਪਿੰਡਾਂ 'ਚ ਖਰਾਬੇ ਦੇ ਚੈਕ ਕਿਸਾਨਾਂ ਤੱਕ ਪਹੁੰਚਾ ਦਿੱਤੇ ਹਨ ਅਤੇ ਹੁਣ ਵੀ ਜੋ ਨੁਕਸਾਨ ਹੋਇਆ ਹੈ, ਉਸ ਦਾ ਮੁਆਵਜਾ ਦਿੱਤਾ ਜਾਵੇਗਾ। ਵਿਧਾਇਕ ਨੇ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਕਿਸਾਨ ਮਾਰੂ ਕਾਲੇ ਕਾਨੂੰਨ ਪਾਸ ਕਰ ਰਹੀ ਹੈ, ਦੂਜੇ ਪਾਸੇ ਕੁਦਰਤ ਦੀ ਕਰੋਪੀ ਵੀ ਕਿਸਾਨਾਂ ਨੂੰ ਸਹਿਣੀ ਪੈ ਰਹੀ ਹੈ ਅਜਿਹੇ ਵਿਚ ਕੈਪਟਨ ਸਰਕਾਰ ਡਟ ਕੇ ਕਿਸਾਨਾਂ ਦੇ ਨਾਲ ਖੜ੍ਹੀ ਹੈ।
  
                        
            
                          Posted By:
 Parminder Pal Singh
                    Parminder Pal Singh
                  
                
              