Chitkara University: ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ’ਚ ਹਰਿਆਣਾ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

ਬਨੂੜ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਵਿੱਚ ਹਰਿਆਣਾ ਦੀ ਇੱਕ ਵਿਦਿਆਰਥਣ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਅਨਿਕਾ ਮਦਾਨ ਵਜੋਂ ਹੋਈ ਹੈ। ਉਹ ਬੀਸੀਏ ਪਹਿਲੇ ਸਾਲ ਵਿੱਚ ਪੜ੍ਹਦੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਦੋ ਦਿਨ ਪਹਿਲਾਂ ਹੀ ਆਪਣੇ ਘਰ ਤੋਂ ਯੂਨੀਵਰਸਿਟੀ ਵਾਪਸ ਆਈ ਸੀ।

ਰਿਪੋਰਟਾਂ ਅਨੁਸਾਰ, ਅਨਿਕਾ ਮਦਾਨ ਦਾ ਪਰਿਵਾਰ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਰਹਿੰਦਾ ਹੈ। ਸ਼ਨਿੱਚਰਵਾਰ ਸਵੇਰੇ ਉਸ ਦੀ ਮਾਂ ਨੇ ਫੋਨ ਰਾਹੀਂ ਧੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਕਾਫ਼ੀ ਦੇਰ ਤੱਕ ਫੋਨ ਦਾ ਜਵਾਬ ਨਹੀਂ ਮਿਲਿਆ। ਇਸ ਤੋਂ ਬਾਅਦ ਮਾਂ ਨੇ ਹੋਸਟਲ ਵਾਰਡਨ ਨੂੰ ਫੋਨ ਕਰਕੇ ਧੀ ਬਾਰੇ ਪੁੱਛਿਆ।

ਜਦੋਂ ਹੋਸਟਲ ਵਾਰਡਨ ਵਿਦਿਆਰਥਣ ਦੇ ਕਮਰੇ ਵਿੱਚ ਪਹੁੰਚੀ ਤਾਂ ਉਹ ਉੱਥੇ ਮ੍ਰਿਤਕ ਮਿਲੀ। ਇਸ ਤੋਂ ਬਾਅਦ ਯੂਨੀਵਰਸਿਟੀ ਪ੍ਰਬੰਧਨ ਅਤੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ।

ਪੁਲਿਸ ਵੱਲੋਂ ਮੌਤ ਦੇ ਕਾਰਨਾਂ ਦੀ ਜਾਂਚ

ਘਟਨਾ ਦੀ ਜਾਣਕਾਰੀ ਮਿਲਣ ’ਤੇ ਬਨੂੜ ਥਾਣੇ ਦੇ ਐੱਸਐੱਚਓ ਇੰਸਪੈਕਟਰ ਗੁਰਸੇਵਕ ਸਿੰਘ ਸਿੱਧੂ ਪੁਲਿਸ ਟੀਮ ਨਾਲ ਮੌਕੇ ’ਤੇ ਪਹੁੰਚੇ। ਪੁਲਿਸ ਨੇ ਘਟਨਾ ਸਥਾਨ ਦੀ ਵੀਡੀਓਗ੍ਰਾਫੀ ਕੀਤੀ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਪੁਲਿਸ ਅਨੁਸਾਰ, ਮੁੱਢਲੀ ਜਾਂਚ ਦੌਰਾਨ ਵਿਦਿਆਰਥਣ ਦੇ ਕਮਰੇ ਵਿੱਚੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਪੁਲਿਸ ਵੱਲੋਂ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਤਹਿਤ ਵਿਦਿਆਰਥਣ ਦਾ ਮੋਬਾਈਲ ਫੋਨ ਜਾਂਚਿਆ ਜਾ ਰਿਹਾ ਹੈ ਅਤੇ ਪਰਿਵਾਰਕ ਮੈਂਬਰਾਂ ਤੇ ਹੋਸਟਲ ਵਿੱਚ ਰਹਿਣ ਵਾਲੀਆਂ ਹੋਰ ਵਿਦਿਆਰਥਣਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।