ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਲਈ ਪੰਜਾਬ ਸਰਕਾਰ ਸਹਿਮਤ! ਦਾਦੀ ਦੇ ਸਸਕਾਰ ’ਚ ਹੋ ਸਕੇਗਾ ਸ਼ਾਮਲ?
ਪੰਜਾਬ ਸਰਕਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਇੱਕ ਤੋਂ ਦੋ ਦਿਨ ਦੀ ਪੈਰੋਲ ਦੇਣ ਦੇ ਹੱਕ ਵਿੱਚ ਨਜ਼ਰ ਆ ਰਹੀ ਹੈ। ਇਸ ਨਾਲ ਉਹ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਦਾ ਹੈ। ਪਰਿਵਾਰ ਨੇ ਚਰਨ ਕੌਰ ਦੀ ਮ੍ਰਿਤਕ ਦੇਹ ਹਸਪਤਾਲ ਵਿੱਚ ਰੱਖੀ ਹੋਈ ਹੈ। ਅੰਮ੍ਰਿਤਪਾਲ ਸਿੰਘ ਦੀ ਪੈਰੋਲ ਲਈ 10 ਨਵੰਬਰ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਜਾਵੇਗੀ, ਜਿਸ ਵਿੱਚ ਦੋ ਜਾਂ ਤਿੰਨ ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਜਾਵੇਗੀ।
ਪਰਿਵਾਰ ਨੇ ਫਿਲਹਾਲ ਸੰਸਦ ਮੈਂਬਰ ਦੀ ਦਾਦੀ ਦਾ ਸਸਕਾਰ ਨਾ ਕਰਨ ਦਾ ਫੈਸਲਾ ਕੀਤਾ ਹੈ। ਪਰਿਵਾਰ 15 ਨਵੰਬਰ ਨੂੰ ਸਸਕਾਰ ਕਰਨਾ ਚਾਹੁੰਦਾ ਹੈ, ਜਦਕਿ 17 ਨਵੰਬਰ ਨੂੰ ਭੋਗ ਸਮਾਗਮ ਰੱਖੇ ਜਾਣ ਦੀ ਸੰਭਾਵਨਾ ਹੈ। ਪਰਿਵਾਰ ਦੀ ਇੱਛਾ ਹੈ ਕਿ ਅੰਮ੍ਰਿਤਪਾਲ ਸਿੰਘ ਸਸਕਾਰ ਦੇ ਨਾਲ-ਨਾਲ ਭੋਗ ਸਮਾਗਮ ਵਿੱਚ ਵੀ ਸ਼ਾਮਲ ਹੋ ਸਕੇ।
ਅਹਿਮ ਸੂਤਰਾਂ ਅਨੁਸਾਰ, ਮੁੱਖ ਮੰਤਰੀ ਦਫ਼ਤਰ ਨੇ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸਸਕਾਰ ਵਿੱਚ ਸ਼ਾਮਲ ਹੋਣ ਲਈ ਇੱਕ ਦਿਨ ਦੀ ਪੈਰੋਲ ਦੇਣ ਵਾਸਤੇ ਗੈਰ-ਰਸਮੀ ਤੌਰ ’ਤੇ ਸਹਿਮਤੀ ਜਤਾ ਦਿੱਤੀ ਹੈ। ਅਜਿਹੇ ਵਿੱਚ ਅੰਮ੍ਰਿਤਸਰ ਅਦਾਲਤ ਵਿੱਚ ਸੂਬਾ ਸਰਕਾਰ ਵੱਲੋਂ ਪੈਰੋਲ ਦਾ ਵਿਰੋਧ ਕੀਤੇ ਜਾਣ ਦੀ ਸੰਭਾਵਨਾ ਘੱਟ ਜਾਪਦੀ ਹੈ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਹ ਪੈਰੋਲ ਦੇ ਮਾਮਲੇ ਵਿੱਚ ਪਹਿਲਾਂ ਸਰਕਾਰ ਦਾ ਰੁਖ ਦੇਖਣਗੇ। ਫਿਲਹਾਲ ਪਰਿਵਾਰ ਨੇ ਤਿੰਨ ਦਿਨਾਂ ਤੱਕ ਮ੍ਰਿਤਕ ਦੇਹ ਨੂੰ ਰੱਖਣ ਦਾ ਫੈਸਲਾ ਕੀਤਾ ਹੈ। ਇਸ ਮਾਮਲੇ ਸਬੰਧੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਇੱਕ ਵਫ਼ਦ ਰਾਜਪਾਲ ਨਾਲ ਮੁਲਾਕਾਤ ਕਰਨ ਦੀ ਵੀ ਯੋਜਨਾ ਬਣਾ ਰਿਹਾ ਹੈ।
ਜਥੇਬੰਦੀ ਪਹਿਲਾਂ ਹੀ ਸਵਾਲ ਉਠਾ ਚੁੱਕੀ ਹੈ ਕਿ ਜੇ ਡੇਰਾ ਸਿਰਸਾ ਦੇ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨੂੰ ਪੈਰੋਲ ਕਿਉਂ ਨਹੀਂ ਦਿੱਤੀ ਜਾ ਸਕਦੀ।
ਦਾਦੀ ਦੇ ਸਸਕਾਰ ਲਈ ਕਾਨੂੰਨੀ ਚਾਰਾਜੋਈ ਦੀ ਤਿਆਰੀ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਵਾਰਿਸ ਪੰਜਾਬ) ਦੇ ਆਗੂ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਦਾਦੀ ਚਰਨ ਕੌਰ ਦਾ ਲੰਘੀ ਸ਼ਾਮ ਦੇਹਾਂਤ ਹੋ ਗਿਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਹ 84 ਵਰ੍ਹਿਆਂ ਦੇ ਸਨ ਅਤੇ ਪਿਛਲੇ ਕੁਝ ਮਹੀਨਿਆਂ ਤੋਂ ਬਿਮਾਰ ਸਨ।
ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਅਤੇ ਇੱਕ ਹੋਰ ਰਿਸ਼ਤੇਦਾਰ ਸੁਖਮਨਜੀਤ ਸਿੰਘ ਵੀ ਜੇਲ੍ਹ ਵਿੱਚ ਨਜ਼ਰਬੰਦ ਹਨ। ਪਰਿਵਾਰਕ ਸੂਤਰਾਂ ਅਨੁਸਾਰ, ਚਰਨ ਕੌਰ ਦਾ ਸਸਕਾਰ ਉਨ੍ਹਾਂ ਦੇ ਪੁੱਤਰ ਹਰਜੀਤ ਸਿੰਘ, ਪੋਤਰੇ ਅੰਮ੍ਰਿਤਪਾਲ ਸਿੰਘ ਅਤੇ ਦੋਹਤੇ ਸੁਖਮਨਜੀਤ ਸਿੰਘ ਦੀ ਹਾਜ਼ਰੀ ਵਿੱਚ ਹੀ ਕੀਤਾ ਜਾਵੇਗਾ।
ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿਵਾਉਣ ਲਈ ਵਕੀਲਾਂ ਨੇ ਕਾਨੂੰਨੀ ਕਾਰਵਾਈ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ 10 ਨਵੰਬਰ ਨੂੰ ਸਥਾਨਕ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਜਾਵੇਗੀ।
ਐਡਵੋਕੇਟ ਹਰਜੋਤ ਸਿੰਘ ਮਾਨ ਅਤੇ ਐਡਵੋਕੇਟ ਕਰਮਵੀਰ ਸਿੰਘ ਸਮੇਤ ਵਕੀਲਾਂ ਦੇ ਪੈਨਲ ਨੇ ਅੰਮ੍ਰਿਤਸਰ ਕੋਰਟ ਕੰਪਲੈਕਸ ਵਿੱਚ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਸਸਕਾਰ ਵਿੱਚ ਸ਼ਾਮਲ ਹੋਣ ਦਾ ਮੌਕਾ ਦੇਣ ਲਈ ਅਦਾਲਤ ਵਿੱਚ ਕਾਨੂੰਨੀ ਪੱਖ ਰੱਖਿਆ ਜਾਵੇਗਾ।
ਇਸ ਮੌਕੇ ਜਥੇਬੰਦੀ ਦੇ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ, ਪ੍ਰਗਟ ਸਿੰਘ ਮੀਰਾਂਕੋਟ ਅਤੇ ਮਹਿੰਦਰਪਾਲ ਸਿੰਘ ਤੁੰਗ ਵੀ ਮੌਜੂਦ ਸਨ।