Punjab Teacher Promotions: ਤਰੱਕੀ ਮਗਰੋਂ ਦੂਰ-ਦੁਰਾਡੇ ਸਟੇਸ਼ਨ ਮਿਲਣ ’ਤੇ ਅਧਿਆਪਕਾਂ ’ਚ ਰੋਸ
- ਪੰਜਾਬ
- (Asia/Kolkata)
Punjab Teacher Promotions: ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਦੀ ਤਰੱਕੀ ਪ੍ਰਕਿਰਿਆ ਮੁਕੰਮਲ ਕਰਨ ਮਗਰੋਂ ਅਲਾਟ ਕੀਤੇ ਗਏ ਸਟੇਸ਼ਨਾਂ ਨੂੰ ਲੈ ਕੇ ਅਧਿਆਪਕਾਂ ਵੱਲੋਂ ਇਤਰਾਜ਼ ਜਤਾਇਆ ਗਿਆ ਹੈ। ਤਰੱਕੀ ਲੈਣ ਵਾਲੇ ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਿਤਰੀ ਜ਼ਿਲ੍ਹਿਆਂ ਤੋਂ ਦੂਰ ਦੇ ਸਟੇਸ਼ਨ ਅਲਾਟ ਕੀਤੇ ਗਏ ਹਨ।
ਕਈ ਜ਼ਿਲ੍ਹਿਆਂ ਵਿੱਚ ਅਧਿਆਪਕ ਧਿਰਾਂ ਨੇ ਜ਼ਿਲ੍ਹਾ ਪੱਧਰ ’ਤੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਆਪਣਾ ਰੋਸ ਜ਼ਾਹਿਰ ਕੀਤਾ ਹੈ। ਪ੍ਰਭਾਵਿਤ ਅਧਿਆਪਕਾਂ ਨੇ ਇਸ ਮਾਮਲੇ ਨੂੰ ਲੈ ਕੇ ਪੂਰਾ ਦਿਨ ਭੱਜ-ਦੌੜ ਕੀਤੀ, ਜਦਕਿ ਸਿੱਖਿਆ ਮੰਤਰੀ ਕੋਲ ਵੀ ਲਗਾਤਾਰ ਫੋਨ ਆਉਂਦੇ ਰਹੇ।
4484 ਅਧਿਆਪਕਾਂ ਨੂੰ ਦਿੱਤੀ ਗਈ ਤਰੱਕੀ
ਵੇਰਵਿਆਂ ਅਨੁਸਾਰ ਈਟੀਟੀ ਤੋਂ ਮਾਸਟਰ ਕਾਡਰ ਵਿੱਚ 4484 ਅਧਿਆਪਕਾਂ ਨੂੰ ਤਰੱਕੀ ਦਿੱਤੀ ਗਈ ਹੈ। ਇਨ੍ਹਾਂ ਵਿੱਚ 208 ਸੈਂਟਰ ਹੈੱਡ ਟੀਚਰ, 927 ਹੈੱਡ ਟੀਚਰ ਅਤੇ 2595 ਈਟੀਟੀ ਅਧਿਆਪਕ ਸ਼ਾਮਲ ਹਨ।
ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਮਾਲਵੇ ਦੇ ਅਧਿਆਪਕਾਂ ਨੂੰ ਮਾਝੇ ਜਾਂ ਦੁਆਬੇ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਮੁਤਾਬਕ ਇਸ ਕਾਰਨ ਖ਼ਾਸ ਕਰਕੇ ਮਹਿਲਾ ਅਧਿਆਪਕਾਂ ਲਈ ਵੱਡੀਆਂ ਪਰਿਵਾਰਕ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ।

ਮਹਿਲਾ ਮੁਲਾਜ਼ਮਾਂ ਦੀ ਤਾਇਨਾਤੀ ਨੂੰ ਲੈ ਕੇ ਮੁੱਦਾ
ਅਧਿਆਪਕ ਧਿਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਐਲਾਨ ਦਾ ਵੀ ਹਵਾਲਾ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਗਰੁੱਪ ਸੀ ਅਤੇ ਗਰੁੱਪ ਡੀ ਦੀਆਂ ਅਸਾਮੀਆਂ ’ਤੇ ਨਿਯੁਕਤ ਮਹਿਲਾ ਮੁਲਾਜ਼ਮਾਂ ਦੀ ਤਾਇਨਾਤੀ ਉਨ੍ਹਾਂ ਦੇ ਘਰਾਂ ਦੇ 40 ਕਿਲੋਮੀਟਰ ਦੇ ਘੇਰੇ ਅੰਦਰ ਹੀ ਕੀਤੀ ਜਾਵੇਗੀ।