ਬ੍ਰਿਟਿਸ਼ ਕੋਲੰਬੀਆ 'ਚ ਭਾਰੀ ਮੀਂਹ ਕਾਰਨ ਹੜ੍ਹਾਂ ਦਾ ਖ਼ਤਰਾ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਹਦਾਇਤ
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਤੇਜ਼ ਝੱਖੜ ਦੀ ਮਾਰ ਸਹਿਣ ਤੋਂ ਬਾਅਦ ਹਾਲਾਤ ਆਮ ਵਾਂਗ ਹੋਣ ਵੱਲ ਵਧ ਰਹੇ ਹਨ। ਇਸ ਦੌਰਾਨ ਸੂਬਾ ਸਰਕਾਰ ਨੇ ਲੋਕਾਂ ਨੂੰ ਭਾਰੀ ਮੀਂਹ ਅਤੇ ਸੰਭਾਵਿਤ ਹੜ੍ਹਾਂ ਤੋਂ ਸਾਵਧਾਨ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿੱਚ ਆਈ ਖ਼ਰਾਬੀ ਅਤੇ 250 ਮਿਲੀਮੀਟਰ ਮੀਂਹ ਦੀ ਸੰਭਾਵਨਾ ਕਾਰਨ ਹੜ੍ਹਾਂ ਦਾ ਖ਼ਤਰਾ ਵਧ ਗਿਆ ਹੈ। ਲੋਕਾਂ ਨੂੰ ਉੱਚੀਆਂ ਅਤੇ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਹਦਾਇਤ ਦਿੱਤੀ ਗਈ ਹੈ।
ਮੌਸਮ ਵਿਭਾਗ ਨੇ ਵੈਨਕੂਵਰ ਆਈਲੈਂਡ ਦੇ ਪੈਂਬਰਟਨ ਕਸਬੇ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਵਿਸ਼ੇਸ਼ ਤੌਰ 'ਤੇ ਸਾਵਧਾਨ ਰਹਿਣ ਲਈ ਕਿਹਾ ਹੈ। ਐਨਵਾਇਰਮੈਂਟ ਐਂਡ ਕਲਾਈਮੇਟ ਚੇਂਜ ਕੈਨੇਡਾ ਦੇ ਇੱਕ ਵਿਗਿਆਨੀ ਨੇ ਕਿਹਾ ਕਿ ਬੇਮੌਸਮੇ ਮੌਸਮੀ ਹਾਲਾਤਾਂ ਕਾਰਨ ਹੋਣ ਵਾਲੇ ਕੁਦਰਤੀ ਬਦਲਾਵਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਆਪਣੀ ਸੁਰੱਖਿਆ ਵੱਲ ਧਿਆਨ ਦੇਣ ਅਤੇ ਲੋੜੀਂਦੇ ਕਦਮ ਚੁੱਕਣ ਦੀ ਸਲਾਹ ਦਿੱਤੀ ਹੈ।
ਵਿਗਿਆਨੀ ਨੇ ਦੱਸਿਆ ਕਿ ਇਸ ਸਾਲ ਗਰਮੀਆਂ ਦੌਰਾਨ ਪਏ ਸੋਕੇ ਤੋਂ ਬਾਅਦ ਹੁਣ ਹੋ ਰਹੀ ਬਾਰਿਸ਼ ਕਾਰਨ ਮਿੱਟੀ ਵਿੱਚ ਨਮੀ ਵਧ ਗਈ ਹੈ। ਅਜਿਹੀ ਸਥਿਤੀ ਵਿੱਚ ਮਿੱਟੀ ਦੀ ਪਕੜ ਕਮਜ਼ੋਰ ਹੋ ਸਕਦੀ ਹੈ, ਜਿਸ ਨਾਲ ਦਰੱਖਤਾਂ ਦੀਆਂ ਜੜ੍ਹਾਂ ਦੀ ਪਕੜ ਢਿੱਲੀ ਪੈ ਜਾਂਦੀ ਹੈ। ਇਸ ਕਾਰਨ ਦਰੱਖਤਾਂ ਦੇ ਡਿੱਗਣ ਦੀਆਂ ਸੰਭਾਵਨਾਵਾਂ ਵੀ ਵਧ ਜਾਂਦੀਆਂ ਹਨ।
ਇਸ ਤੋਂ ਇਲਾਵਾ, ਬੀਸੀ ਹਾਈਡਰੋ ਨੇ ਬਿਜਲੀ ਸਪਲਾਈ ਬੰਦ ਹੋਣ ਦੇ ਖ਼ਤਰੇ ਬਾਰੇ ਵੀ ਲੋਕਾਂ ਨੂੰ ਸੁਚੇਤ ਕੀਤਾ ਹੈ। ਲੋਕਾਂ ਨੂੰ ਕੁਝ ਦਿਨਾਂ ਲਈ ਲੋੜੀਂਦੇ ਖਾਣ-ਪੀਣ ਦੇ ਸਮਾਨ ਦਾ ਪ੍ਰਬੰਧ ਪਹਿਲਾਂ ਹੀ ਕਰਕੇ ਰੱਖਣ ਦੀ ਸਲਾਹ ਦਿੱਤੀ ਗਈ ਹੈ। ਹੋਰ ਵਿਭਾਗਾਂ ਵੱਲੋਂ ਵੀ ਮੌਸਮ ਕਾਰਨ ਪੈਦਾ ਹੋਣ ਵਾਲੀਆਂ ਵੱਖ-ਵੱਖ ਚੁਣੌਤੀਆਂ ਅਤੇ ਉਨ੍ਹਾਂ ਦੇ ਸੰਭਾਵਿਤ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।