ਧੂਰੀ ਤੋਂ ਮੁੜ ਚੋਣ ਲੜਨਗੇ CM ਭਗਵੰਤ ਮਾਨ, ਫ਼ੈਸਲੇ ’ਤੇ ‘ਆਪ’ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ
ਢੋਲ ਵਜਾ ਕੇ ਪਾਏ ਭੰਗੜੇ ਤੇ ਚਲਾਏ ਪਟਾਕੇ; ਆਗੂਆਂ ਨੇ ਕਿਹਾ, ਪਹਿਲਾਂ ਨਾਲੋਂ ਵੱਧ ਵੋਟਾਂ ਨਾਲ ਜਿਤਾਉਣਗੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਧੂਰੀ ਹਲਕੇ ਤੋਂ ਮੁੜ ਲੜਨ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸਵਾਗਤ ਕੀਤਾ ਹੈ। ਇਸ ਫ਼ੈਸਲੇ ਤੋਂ ਬਾਅਦ ਧੂਰੀ ਵਿੱਚ ਮੁੱਖ ਮੰਤਰੀ ਦੇ ਦਫ਼ਤਰ ਨਾਲ ਜੁੜੇ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡੇ, ਪਟਾਕੇ ਚਲਾਏ ਅਤੇ ਭੰਗੜੇ ਪਾ ਕੇ ਖ਼ੁਸ਼ੀ ਮਨਾਈ। ਸ਼ਹਿਰ ਦੇ ਆਮ ਲੋਕਾਂ ਵਿੱਚ ਵੀ ਇਸ ਫ਼ੈਸਲੇ ਨੂੰ ਲੈ ਕੇ ਖ਼ੁਸ਼ੀ ਹੋਣ ਦਾ ਦਾਅਵਾ ਕੀਤਾ ਗਿਆ ਹੈ।
ਮੁੱਖ ਮੰਤਰੀ ਦੇ ਕਰੀਬੀ ‘ਆਪ’ ਆਗੂ ਡਾਕਟਰ ਅਨਵਰ ਭਸੌੜ, ਦਲਵੀਰ ਸਿੰਘ ਢਿੱਲੋਂ, ਰਾਜਵੰਤ ਸਿੰਘ ਘੁੱਲੀ, ਹਰਜਿੰਦਰ ਸਿੰਘ ਕਾਂਝਲਾ, ਡਾਕਟਰ ਪੁਸ਼ਪਿੰਦਰ ਸ਼ਰਮਾ, ਕੌਂਸਲਰ ਅਸ਼ਵਨੀ ਧੀਰ ਅਤੇ ਰਜਿੰਦਰ ਸਿੰਘ ਲੱਧੜ ਸਮੇਤ ਸੈਂਕੜੇ ਵਰਕਰਾਂ ਨੇ ਇਸ ਮੌਕੇ ਢੋਲ ਵਜਾ ਕੇ ਭੰਗੜੇ ਪਾਏ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ।
ਪਹਿਲਾਂ ਨਾਲੋਂ ਵੱਧ ਵੋਟਾਂ ਨਾਲ ਜਿਤਾਉਣ ਦਾ ਦਾਅਵਾ
‘ਆਪ’ ਆਗੂਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਉਹ ਭਗਵੰਤ ਮਾਨ ਨੂੰ ਧੂਰੀ ਹਲਕੇ ਤੋਂ ਪਹਿਲਾਂ ਨਾਲੋਂ ਵੀ ਵੱਧ ਵੋਟਾਂ ਨਾਲ ਜਿਤਾ ਕੇ ਮੁੜ ਪੰਜਾਬ ਦਾ ਮੁੱਖ ਮੰਤਰੀ ਬਣਾਉਣਗੇ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦੇ ਆਧਾਰ ’ਤੇ ਲੋਕਾਂ ਤੋਂ ਵੋਟਾਂ ਮੰਗੀਆਂ ਜਾਣਗੀਆਂ।
ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਭਗਵੰਤ ਮਾਨ ਦੇ ਮੁੜ ਧੂਰੀ ਤੋਂ ਚੋਣ ਲੜਨ ਦੇ ਫ਼ੈਸਲੇ ਕਾਰਨ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਧੂਰੀ ਦੇ ਲੋਕਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਲਈ ਅਥਾਹ ਪਿਆਰ ਹੈ।