ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, DA ਵਿੱਚ 3 ਫ਼ੀਸਦੀ ਵਾਧੇ ਦਾ ਐਲਾਨ
ਪੰਜਾਬ ਸਰਕਾਰ ਨੇ ਸੂਬੇ ਦੇ ਕਰੀਬ 8 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਰਾਹਤ ਦਿੰਦਿਆਂ ਮਹਿੰਗਾਈ ਭੱਤੇ (DA) ਵਿੱਚ 3 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕਰਦਿਆਂ ਕਿਹਾ ਕਿ ਵਧਿਆ ਹੋਇਆ DA ਦਸੰਬਰ ਦੀ ਤਨਖ਼ਾਹ ਅਤੇ ਪੈਨਸ਼ਨ ਦੇ ਨਾਲ ਦਿੱਤਾ ਜਾਵੇਗਾ।
ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਨੇ ਪਿਛਲੇ ਦੋ ਮਹੀਨਿਆਂ ਦੌਰਾਨ ਮੁਲਾਜ਼ਮਾਂ ਦੇ DA ਵਿੱਚ ਕੁੱਲ 11 ਫ਼ੀਸਦੀ ਵਾਧਾ ਕੀਤਾ ਹੈ। ਮੁੱਖ ਮੰਤਰੀ ਮੁਤਾਬਕ, ਇਸ ਵਾਧੇ ਨਾਲ ਮੁਲਾਜ਼ਮਾਂ ਨੂੰ ਹਰ ਮਹੀਨੇ 363 ਕਰੋੜ ਰੁਪਏ ਦਾ ਲਾਭ ਹੋਵੇਗਾ, ਜਦਕਿ ਕੁੱਲ 11 ਫ਼ੀਸਦੀ ਵਾਧੇ ਨਾਲ ਸਾਲਾਨਾ 3988 ਕਰੋੜ ਰੁਪਏ ਦਾ ਫ਼ਾਇਦਾ ਮਿਲੇਗਾ।
2022 ਵਿੱਚ 28 ਫ਼ੀਸਦੀ ਸੀ DA, ਹੁਣ 53 ਫ਼ੀਸਦੀ ਹੋਇਆ
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸਾਲ 2022 ਵਿੱਚ ਪੰਜਾਬ ਦੇ ਮੁਲਾਜ਼ਮਾਂ ਨੂੰ 28 ਫ਼ੀਸਦੀ DA ਦਿੱਤਾ ਜਾਂਦਾ ਸੀ, ਜੋ ਸਾਲ 2026 ਵਿੱਚ ਵਧ ਕੇ 53 ਫ਼ੀਸਦੀ ਹੋ ਗਿਆ ਹੈ। ਸਰਕਾਰ ਦੇ ਇਸ ਫ਼ੈਸਲੇ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਰਥਿਕ ਲਾਭ ਮਿਲੇਗਾ।
71,777 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬਾ ਸਰਕਾਰ ਦੀਆਂ ਸਕੀਮਾਂ ਤੋਂ ਵਧੇਰੇ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਦੇ ਇਹ ਨਹੀਂ ਕਿਹਾ ਕਿ ਪੰਜਾਬ ਦਾ ਖ਼ਜ਼ਾਨਾ ਖ਼ਾਲੀ ਹੈ, ਜਦਕਿ ਪੁਰਾਣੀਆਂ ਸਰਕਾਰਾਂ ਹਮੇਸ਼ਾ ਖ਼ਜ਼ਾਨਾ ਖ਼ਾਲੀ ਹੋਣ ਦਾ ਦਾਅਵਾ ਕਰਦੀਆਂ ਰਹੀਆਂ ਹਨ।
ਭਗਵੰਤ ਮਾਨ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਤੱਕ ਸੂਬੇ ਵਿੱਚ 71,777 ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਦੇ ਚੁੱਕੀ ਹੈ।
ਤਿੰਨ ਵਿਧਾਇਕਾਂ ਦੇ ਭਾਜਪਾ ਵਿੱਚ ਜਾਣ 'ਤੇ ਕੀ ਬੋਲੇ ਭਗਵੰਤ ਮਾਨ?
ਤਿੰਨ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਧਾਇਕ ਬਣਨਾ ਸਿਰਫ਼ ਰਾਜਨੀਤੀ ਤੱਕ ਸੀਮਤ ਨਹੀਂ ਹੈ, ਸਗੋਂ ਆਪਣੀ ਪਾਰਟੀ ਦੇ ਨਾਲ ਖੜ੍ਹਨਾ ਵੀ ਜ਼ਰੂਰੀ ਹੁੰਦਾ ਹੈ।
ਉਨ੍ਹਾਂ ਭਾਜਪਾ ਵਿੱਚ ਜਾਣ ਵਾਲੇ ਵਿਧਾਇਕਾਂ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਲਦੀ ਪਤਾ ਲੱਗ ਜਾਵੇਗਾ ਕਿ ਭਾਜਪਾ ਵਿੱਚ ਆਗੂਆਂ ਦੀ ਕਿੰਨੀ ਕੁ ਇੱਜ਼ਤ ਹੁੰਦੀ ਹੈ।
ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੀ ਪਹਿਲਾਂ ਭਾਜਪਾ ਵਿੱਚ ਗਏ ਸਨ, ਪਰ ਉਨ੍ਹਾਂ ਨੂੰ ਕਦੇ ਪੁੱਛਿਆ ਨਹੀਂ ਗਿਆ। ਭਗਵੰਤ ਮਾਨ ਮੁਤਾਬਕ, ਕੈਪਟਨ ਅਮਰਿੰਦਰ ਸਿੰਘ ਖ਼ੁਦ ਕਹਿ ਰਹੇ ਹਨ ਕਿ ਉਨ੍ਹਾਂ ਤੋਂ ਪਟਿਆਲਾ ਬਾਰੇ ਵੀ ਕੋਈ ਸਲਾਹ ਨਹੀਂ ਲਈ ਜਾਂਦੀ।