ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਆਰੰਭ
ਤਲਵੰਡੀ ਸਾਬੋ, 22 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਿੱਖ ਧਰਮ ਦੇ ਬਾਨੀ, ਪਹਿਲੇ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਦਿਹਾੜਾ ਜਿੱਥੇ ਸਮੁੱਚੇ ਸਿੱਖ ਜਗਤ ਚ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾ ਰਿਹੈ ਉੱਥੇ ਅੱਜ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਦੇ ਪ੍ਰਕਾਸ਼ ਹੋਣ ਦੇ ਨਾਲ ਹੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਰਸਮੀ ਤੌਰ 'ਤੇ ਆਰੰਭ ਹੋ ਗਏ। ਅੱੱਜ ਤਖਤ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ।ਆਰੰਭਤਾ ਦੀ ਅਰਦਾਸ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਕੀਤੀ। ਆਰੰਭਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਦੀ ਅਗਵਾਈ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹੈ। ਅੱਜ ਤੋਂ ਤਿੰਨ ਰੋਜ਼ਾ ਧਾਰਮਿਕ ਸਮਾਗਮ ਰਸਮੀ ਆਰੰਭ ਹੋ ਗਏ ਹਨ। ਉਨਾਂ ਦੱਸਿਆ ਕਿ 23 ਨਵੰਬਰ ਨੂੰ ਤਖਤ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਆਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ ਜਦੋਂਕਿ ਮੁੱਖ ਸਮਾਗਮ 24 ਨਵੰਬਰ ਨੂੰ ਹੋਣਗੇ ਜਿੰਨ੍ਹਾਂ ਵਿੱਚ ਸਿੰਘ ਸਾਹਿਬ ਬਾਬਾ ਟੇਕ ਸਿੰਘ ਤੋਂ ਇਲਾਵਾ ਹੋਰ ਧਾਰਮਿਕ ਸਖਸ਼ੀਅਤਾਂ ਸ਼ਮੂਲੀਅਤ ਕਰਨਗੀਆਂ ਜਦੋਂਕਿ ਤਖਤ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਅਤੇ ਪ੍ਰਚਾਰਕ ਸਿੰਘ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਨਾਲ ਨਿਹਾਲ ਕਰਨਗੇ। ਉੱਧਰ ਅੱਜ ਧਾਰਮਿਕ ਸਮਾਗਮਾਂ ਦੀ ਆਰੰਭਤਾ ਦੀ ਲੜੀ ਤਹਿਤ ਤਖਤ ਸਾਹਿਬ ਕੰਪਲੈਕਸ ਵਿਖੇ ਢਾਡੀ ਦਰਬਾਰ ਚ ਢਾਡੀ ਸਿੰਘਾਂ ਨੇ ਵੀਰ ਰਸ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂੰ ਕਰਵਾਇਆ ਜਦੋਂਕਿ ਅਰਦਾਸ ਉਪਰੰਤ ਬੀਬੀਆਂ ਦੇ ਵੱਡੇ ਜਥੇ ਨੇ ਤਖਤ ਸਾਹਿਬ ਤੋਂ ਲੈ ਕੇ ਨਗਰ ਕੀਰਤਨ ਦੇ ਸਮੁੱਚੇ ਰਾਸਤੇ ਦੀ ਸਫਾਈ ਮੁਹਿੰਮ ਸ਼ੁਰੂ ਕੀਤੀ। ਆਰੰਭਤਾ ਸਮਾਗਮ ਚ ਮੁੱਖ ਕਥਾਵਾਚਕ ਗਿਆਨੀ ਆਲਮ ਸਿੰਘ, ਗੁਰਦੇਵ ਸਿੰਘ ਸੰਧੂ, ਗੁਰਸੇਵਕ ਸਿੰਘ ਕਿੰਗਰਾ, ਮਨਦੀਪ ਸਿੰਘ ਮਾਖਾ ਤੇ ਗੁਰਚਰਨ ਸਿੰਘ ਜੀਦਾ ਚਾਰੇ ਮੀਤ ਮੈਨੇਜ਼ਰ, ਪੰਜ ਪਿਆਰਿਆਂ 'ਚੋਂ ਗਿਆਨੀ ਜਗਦੀਪ ਸਿੰਘ, ਵਰਿੰਦਰ ਸਿੰਘ, ਅਕਾਲੀ ਆਗੂ ਜਸਵਿੰਦਰ ਸਿੰਘ ਜ਼ੈਲਦਾਰ, ਪੈਨਸ਼ਨਰ ਯੂਨੀਅਨ ਦੇ ਆਗੂ ਧੰਨਾ ਸਿੰਘ ਸਮੇਤ ਹੋਰ ਮੁਹਤਬਰ ਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।