Amritpal Singh Parole: ਕਸਟਡੀ ਪੈਰੋਲ ਮਨਜ਼ੂਰ ਹੋਣ ਦੇ ਬਾਵਜੂਦ ਪੰਜਾਬ ਨਹੀਂ ਪਹੁੰਚ ਸਕੇ ਅੰਮ੍ਰਿਤਪਾਲ ਸਿੰਘ, ਦਾਦੀ ਦੇ ਸਸਕਾਰ ਦੀ ਤਰੀਕ ਅੱਗੇ ਪਾਈ
ਮੈਂਬਰ ਪਾਰਲੀਮੈਂਟ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਆਗੂ ਅੰਮ੍ਰਿਤਪਾਲ ਸਿੰਘ ਖ਼ਾਲਸਾ ਕਸਟਡੀ ਪੈਰੋਲ ਦੀ ਪ੍ਰਵਾਨਗੀ ਮਿਲਣ ਦੇ ਬਾਵਜੂਦ ਅੱਜ ਪੰਜਾਬ ਨਹੀਂ ਪਹੁੰਚ ਸਕੇ। ਇਸ ਦੌਰਾਨ ਪਰਿਵਾਰ ਵੱਲੋਂ ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦੀ ਮ੍ਰਿਤਕ ਦੇਹ ਦੇ ਸਸਕਾਰ ਦੀ ਤਰੀਕ ਅੱਗੇ ਪਾ ਦਿੱਤੀ ਗਈ ਹੈ। ਹੁਣ ਪੈਰੋਲ ਦੀ ਨਵੀਂ ਤਰੀਕ ਲਈ ਸੋਮਵਾਰ ਨੂੰ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ 8 ਅਕਤੂਬਰ ਨੂੰ ਦੀਵਾਲੀ ਵਾਲੀ ਸ਼ਾਮ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਸਬੰਧੀ ਅਰਜ਼ੀ 11 ਨਵੰਬਰ ਨੂੰ ਦਾਇਰ ਕੀਤੀ ਗਈ ਸੀ। ਇਸ ’ਤੇ ਅਦਾਲਤ ਨੇ 13 ਨਵੰਬਰ ਨੂੰ ਹੁਕਮ ਜਾਰੀ ਕਰਦਿਆਂ 14 ਨਵੰਬਰ ਨੂੰ ਉਨ੍ਹਾਂ ਨੂੰ ਪੰਜਾਬ ਲਿਆਉਣ ਦੀ ਇਜਾਜ਼ਤ ਦਿੱਤੀ ਸੀ।
ਇਸ ਦੇ ਨਾਲ ਹੀ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਅਤੇ ਮਾਤਾ ਚਰਨ ਕੌਰ ਦੇ ਦੋਹਤੇ ਸੁਖਮਨਪ੍ਰੀਤ ਸਿੰਘ ਨੂੰ ਵੀ ਨਾਲ ਲਿਆਉਣ ਸਬੰਧੀ ਵਿਵਸਥਾ ਕਰਨ ਦੇ ਹੁਕਮ ਦਿੱਤੇ ਗਏ ਸਨ। ਹਾਲਾਂਕਿ, 13 ਨਵੰਬਰ ਨੂੰ ਹੁਕਮ ਜਾਰੀ ਹੋਣ ਤੋਂ ਬਾਅਦ 14 ਨਵੰਬਰ ਤੱਕ ਬਹੁਤ ਘੱਟ ਸਮਾਂ ਹੋਣ ਅਤੇ ਲੋੜੀਂਦੀ ਕਾਨੂੰਨੀ ਤੇ ਪ੍ਰਸ਼ਾਸਨਿਕ ਪ੍ਰਕਿਰਿਆ ਪੂਰੀ ਨਾ ਹੋ ਸਕਣ ਕਾਰਨ ਅੰਮ੍ਰਿਤਪਾਲ ਸਿੰਘ ਨੂੰ ਅੱਜ ਪੰਜਾਬ ਨਹੀਂ ਲਿਆਂਦਾ ਜਾ ਸਕਿਆ।
ਸ਼ਮਸ਼ੇਰ ਸਿੰਘ ਪੱਧਰੀ ਨੇ ਦੱਸਿਆ ਕਿ ਪੈਰੋਲ ਦੀ ਤਰੀਕ ਵਿੱਚ ਸੋਧ ਕਰਵਾਉਣ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਲੀਗਲ ਟੀਮ ਨੇ ਅੱਜ ਸਬੰਧਤ ਡਿਊਟੀ ਮੈਜਿਸਟ੍ਰੇਟ ਨੂੰ ਅਮੈਂਡਮੈਂਟ ਲੈਟਰ ਜਾਂ ਅਰਜ਼ੀ ਦੇਣ ਦੀ ਕੋਸ਼ਿਸ਼ ਕੀਤੀ। ਇਸ ਟੀਮ ਵਿੱਚ ਐਡਵੋਕੇਟ ਹਰਜੋਤ ਸਿੰਘ ਮਾਨ, ਐਡਵੋਕੇਟ ਕਰਮਵੀਰ ਸਿੰਘ, ਐਡਵੋਕੇਟ ਰੀਤੂ ਰਾਜ ਅਤੇ ਐਡਵੋਕੇਟ ਕੁਲਜੀਤ ਸਿੰਘ ਸ਼ਾਮਲ ਹਨ। ਟੀਮ ਡਿਊਟੀ ਮੈਜਿਸਟ੍ਰੇਟ ਦੀ ਰਿਹਾਇਸ਼ ’ਤੇ ਪਹੁੰਚੀ, ਪਰ ਉੱਥੇ ਅਰਜ਼ੀ ਸਵੀਕਾਰ ਨਹੀਂ ਕੀਤੀ ਗਈ।
ਇਸ ਤੋਂ ਬਾਅਦ ਲੀਗਲ ਟੀਮ ਨੇ ਦੂਜੇ ਡਿਊਟੀ ਮੈਜਿਸਟ੍ਰੇਟ ਕੋਲ ਵੀ ਅਰਜ਼ੀ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ, ਪਰ ਉੱਥੇ ਵੀ ਅੱਜ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਟੀਮ ਵੱਲੋਂ ਸੈਸ਼ਨ ਜੱਜ ਤੱਕ ਵੀ ਪਹੁੰਚ ਕੀਤੀ ਗਈ, ਪਰ ਉਨ੍ਹਾਂ ਦੇ ਉਪਲਬਧ ਨਾ ਹੋਣ ਕਾਰਨ ਅੱਜ ਕੋਈ ਹੋਰ ਕਾਨੂੰਨੀ ਕਾਰਵਾਈ ਨਹੀਂ ਹੋ ਸਕੀ।
ਹੁਣ ਲੀਗਲ ਟੀਮ ਵੱਲੋਂ ਸੋਮਵਾਰ ਨੂੰ ਅਦਾਲਤਾਂ ਦੇ ਕੰਮਕਾਜ ਵਾਲੇ ਦਿਨ ਨਵੀਂ ਅਰਜ਼ੀ ਦਾਇਰ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀਆਂ ਅਗਲੀਆਂ ਤਰੀਕਾਂ ਦੇਣ ਦੀ ਮੰਗ ਕੀਤੀ ਜਾਵੇਗੀ। ਜਥੇਬੰਦੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦਾ ਹੱਕ ਮਿਲਣਾ ਚਾਹੀਦਾ ਹੈ ਅਤੇ ਇਸ ਲਈ ਹਰ ਲੋੜੀਂਦੀ ਕਾਨੂੰਨੀ ਚਾਰਾਜੋਈ ਜਾਰੀ ਰੱਖੀ ਜਾਵੇਗੀ।
ਇਸ ਦੌਰਾਨ ਪਾਰਟੀ ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਮਿਲੀ ਕਸਟਡੀ ਪੈਰੋਲ ਤਹਿਤ ਅੱਜ ਦੁਪਹਿਰ ਉਨ੍ਹਾਂ ਨੂੰ ਜੱਲੂਪੁਰ ਖੇੜਾ ਸਥਿਤ ਘਰ ਲਿਆਂਦਾ ਗਿਆ ਸੀ। ਕੁਝ ਸਮੇਂ ਬਾਅਦ ਪੁਲੀਸ ਉਨ੍ਹਾਂ ਨੂੰ ਵਾਪਸ ਲੈ ਗਈ। ਸੂਤਰਾਂ ਅਨੁਸਾਰ ਅੱਜ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕੀਤਾ ਗਿਆ ਅਤੇ ਸਸਕਾਰ ਦੀ ਅਗਲੀ ਤਰੀਕ ਦਾ ਐਲਾਨ ਸੋਮਵਾਰ ਤੋਂ ਬਾਅਦ ਹੀ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।