ਪਰਵਿੰਦਰ ਝੋਟਾ ਦਾ ਦੀਵਾਲੀ ਵਾਲੇ ਦਿਨ ਸਸਕਾਰ, ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਪਰਵਿੰਦਰ ਝੋਟਾ ਦਾ ਦੀਵਾਲੀ ਵਾਲੇ ਦਿਨ ਸਸਕਾਰ, ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਦੀਵਾਲੀ ਵਾਲੇ ਦਿਨ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਚਕੇਰੀਆਂ ਸੜਕ ’ਤੇ ਸਥਿਤ ਖੇਤ ਵਿੱਚ ਹੋਏ ਸਸਕਾਰ ਮੌਕੇ ਵੱਡੀ ਗਿਣਤੀ ਵਿੱਚ ਲੋਕ, ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਰਹੇ। ਉਨ੍ਹਾਂ ਦੇ ਵੱਡੇ ਪੁੱਤਰ ਅਤੇ ਪਿਤਾ ਭੀਮ ਸਿੰਘ ਨੇ ਚਿਤਾ ਨੂੰ ਅਗਨੀ ਦਿੱਤੀ।  ਇਸ ਦੌਰਾਨ ਮਾਹੌਲ ਬੇਹੱਦ ਭਾਵੁਕ ਹੋ ਗਿਆ ਅਤੇ ਲੋਕਾਂ ਨੇ ਸੇਜਲ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।

 ਸਸਕਾਰ ਤੋਂ ਪਹਿਲਾਂ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਅਤੇ ਨਸ਼ਾ ਤਸਕਰਾਂ ਨੂੰ ਕਥਿਤ ਸਿਆਸੀ ਸਰਪ੍ਰਸਤੀ ਮਿਲਣ ਦਾ ਮੁੱਦਾ ਉਠਾਇਆ। ਉਨ੍ਹਾਂ ਦੋਸ਼ ਲਾਇਆ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਦੀ ਪੁਸ਼ਤਪਨਾਹੀ ਕੀਤੀ ਹੈ।

ਬੁਲਾਰਿਆਂ ਵੱਲੋਂ ਨਸ਼ਿਆਂ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਸੱਦਾ

ਬੁਲਾਰਿਆਂ ਨੇ ਕਿਹਾ ਕਿ ਪਰਵਿੰਦਰ ਝੋਟਾ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਅਤੇ ਨੌਜਵਾਨਾਂ ਨੂੰ ਇਸ ਅਲਾਮਤ ਤੋਂ ਬਚਾਉਣ ਲਈ ਆਵਾਜ਼ ਉਠਾਈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨਸ਼ਿਆਂ ਵਿਰੁੱਧ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ।

ਇਸ ਤੋਂ ਪਹਿਲਾਂ ANI ਨਾਲ ਗੱਲਬਾਤ ਕਰਦਿਆਂ ਪਰਿਵਾਰ ਨੇ ਪਰਵਿੰਦਰ ਝੋਟਾ ਨੂੰ ਅਜਿਹਾ ਯੋਧਾ ਦੱਸਿਆ, ਜਿਸ ਨੇ ਪੰਜਾਬ ਦੇ ਲੋਕਾਂ ਅਤੇ ਸਮਾਜ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲੜਨ ਦੀ ਪ੍ਰੇਰਨਾ ਦੇਣੀ ਚਾਹੀਦੀ ਹੈ।

ਸਸਕਾਰ ਦੀਆਂ ਤਿਆਰੀਆਂ ਦੌਰਾਨ ਪਰਿਵਾਰ ਦੇ ਇੱਕ ਮੈਂਬਰ ਨੇ ਕਿਹਾ, "ਸਾਡਾ ਯੋਧਾ ਆ ਰਿਹਾ ਹੈ। ਆਮ ਤੌਰ ’ਤੇ ਲੋਕ ਸੋਗ ਮਨਾਉਂਦੇ ਹਨ, ਪਰ ਸਾਨੂੰ ਮਾਣ ਮਹਿਸੂਸ ਹੋ ਰਿਹਾ ਹੈ। ਅਸੀਂ ਉਸ ਕੌਮ ਨਾਲ ਸਬੰਧ ਰੱਖਦੇ ਹਾਂ, ਜਿਸ ਦੇ ਲੋਕਾਂ ਨੂੰ ਚਰਖੜੀਆਂ ’ਤੇ ਚਾੜ੍ਹਿਆ ਗਿਆ, ਦੇਗਾਂ ਵਿੱਚ ਉਬਾਲਿਆ ਗਿਆ ਅਤੇ ਆਰਿਆਂ ਨਾਲ ਚੀਰਿਆ ਗਿਆ। ਉਹ ਸਾਡਾ ਯੋਧਾ ਹੈ।"

ਇੱਕ ਹੋਰ ਰਿਸ਼ਤੇਦਾਰ ਜਸਪਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ 'ਸ਼ਹੀਦ' ਦਾ ਦਰਜਾ ਦਿੱਤਾ ਗਿਆ ਹੈ। ਇਸ ਲਈ ਸਤਿਕਾਰ ਵਜੋਂ ਉਨ੍ਹਾਂ ’ਤੇ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ।

ਅੰਤਿਮ ਯਾਤਰਾ ਦੌਰਾਨ ਲੋਕਾਂ ਨੇ ਕੀਤੀ ਫੁੱਲਾਂ ਦੀ ਵਰਖਾ

ਜਦੋਂ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਧਰਨਾ ਸਥਾਨ ਵੱਲ ਲਿਆਂਦੀ ਜਾ ਰਹੀ ਸੀ ਤਾਂ ਰਸਤੇ ਵਿੱਚ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਵੱਡੀ ਗਿਣਤੀ ਵਿੱਚ ਲੋਕ ਮ੍ਰਿਤਕ ਦੇਹ ਲਿਜਾਣ ਵਾਲੇ ਵਾਹਨ ਦੇ ਪਿੱਛੇ ਤੁਰਦੇ ਹੋਏ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਏ।

ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫ਼ੌਜੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਭਾਵੁਕ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਪਵਿੱਤਰ ਮੌਕੇ ਹਰ ਨੌਜਵਾਨ ਨਸ਼ਿਆਂ ਨੂੰ ਤਿਆਗਣ ਅਤੇ ਇਨ੍ਹਾਂ ਤੋਂ ਦੂਰ ਰਹਿਣ ਦਾ ਪ੍ਰਣ ਲਵੇ। ਉਨ੍ਹਾਂ ਮੁਤਾਬਕ ਇਹੀ ਉਨ੍ਹਾਂ ਦੇ ਪੁੱਤਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ।

ਭੀਮ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ। ਹੁਣ ਉਸ ਦੀ ਸੋਚ ਅਤੇ ਸੰਘਰਸ਼ ਨੂੰ ਅੱਗੇ ਲਿਜਾਣ ਦੀ ਜ਼ਿੰਮੇਵਾਰੀ ਪੰਜਾਬ ਦੇ ਹਰ ਨੌਜਵਾਨ ਦੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੀ ਖ਼ੁਸ਼ੀ ਉਸ ਵੇਲੇ ਹੀ ਸਾਰਥਕ ਹੋਵੇਗੀ, ਜਦੋਂ ਪੰਜਾਬ ਦੀ ਜਵਾਨੀ ਨਸ਼ਿਆਂ ਤੋਂ ਮੁਕਤ ਹੋਣ ਦਾ ਸੰਕਲਪ ਲਵੇਗੀ।

13 ਅਕਤੂਬਰ ਨੂੰ ਮੈਡੀਕਲ ਸਟੋਰ ’ਤੇ ਗੋਲੀ ਮਾਰ ਕੇ ਕੀਤੀ ਗਈ ਸੀ ਹੱਤਿਆ

ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਇੱਕ ਮੈਡੀਕਲ ਸਟੋਰ ’ਤੇ ਗੋਲੀ ਮਾਰ ਕੇ ਪਰਵਿੰਦਰ ਝੋਟਾ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਕਰੀਬ 26 ਦਿਨਾਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਹੈ। ਦੂਜੇ ਪਾਸੇ CBI ਨੇ ਇਸ ਕਤਲ ਮਾਮਲੇ ਨੂੰ ਮੁੜ ਦਰਜ ਕਰਕੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਉੱਥੇ ਹੀ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਰਾਜਾ ਵੜਿੰਗ, ਸੁਖਪਾਲ ਸਿੰਘ ਖਹਿਰਾ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸਮੇਤ ਕਈ ਆਗੂਆਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ’ਤੇ ਸਵਾਲ ਚੁੱਕੇ ਹਨ।