ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਪਹਿਲੀ ਅਕਤੂਬਰ ਤੋਂ, ਮੰਡੀ ਬੋਰਡ ਨੇ ਕੀਤੇ ਪੁਖ਼ਤਾ ਪ੍ਰਬੰਧ
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਵੇਗੀ। ਇਸ ਸਬੰਧੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੰਡੀ ਬੋਰਡ ਦੇ ਦਫ਼ਤਰ ਵਿੱਚ ਵਿਭਾਗ ਦੇ ਅਧਿਕਾਰੀਆਂ ਨਾਲ ਖ਼ਰੀਦ ਦੇ ਸੁਚਾਰੂ ਪ੍ਰਬੰਧਾਂ ਲਈ ਉੱਚ ਪੱਧਰੀ ਮੀਟਿੰਗ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ 1886 ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ।
ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕਰਨ ਦੀਆਂ ਹਦਾਇਤਾਂ
ਚੇਅਰਮੈਨ ਨੇ ਅਧਿਕਾਰੀਆਂ ਨੂੰ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਪੁਖ਼ਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਨਿਰਵਿਘਨ ਬਿਜਲੀ, ਪੀਣ ਵਾਲੇ ਪਾਣੀ ਅਤੇ ਪਖਾਨਿਆਂ ਸਮੇਤ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ।
ਇਸ ਤੋਂ ਇਲਾਵਾ, ਹਰਚੰਦ ਸਿੰਘ ਬਰਸਟ ਨੇ ਮਜ਼ਦੂਰਾਂ ਦੇ ਆਰਾਮ ਲਈ ਢੁਕਵੇਂ ਛਾਂਦਾਰ ਖੇਤਰ ਬਣਾਉਣ ਲਈ ਵੀ ਅਧਿਕਾਰੀਆਂ ਨੂੰ ਕਿਹਾ।
Posted By: Punjab Infoline Bureau