Moga AAP Rally: ਵਿਰੋਧੀ ਪਾਰਟੀਆਂ ਸਿਆਸੀ ਹਿੱਤਾਂ ਲਈ ਹੋ ਰਹੀਆਂ ਇਕੱਠੀਆਂ, ਭਗਵੰਤ ਮਾਨ ਨੇ ਅਕਾਲੀ ਦਲ, ਭਾਜਪਾ ਤੇ ਕਾਂਗਰਸ ਨੂੰ ਘੇਰਿਆ

Moga AAP Rally: ਵਿਰੋਧੀ ਪਾਰਟੀਆਂ ਸਿਆਸੀ ਹਿੱਤਾਂ ਲਈ ਹੋ ਰਹੀਆਂ ਇਕੱਠੀਆਂ, ਭਗਵੰਤ ਮਾਨ ਨੇ ਅਕਾਲੀ ਦਲ, ਭਾਜਪਾ ਤੇ ਕਾਂਗਰਸ ਨੂੰ ਘੇਰਿਆ

Moga AAP Rally: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿੱਚ ਹੋਈ ਸੂਬਾ ਪੱਧਰੀ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਨੇੜੇ ਆਉਣ ਨੂੰ ਲੈ ਕੇ ਸਵਾਲ ਚੁੱਕੇ। ਉਨ੍ਹਾਂ ਨੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਆਪਣੇ ਸਿਆਸੀ ਹਿੱਤਾਂ ਲਈ ਇਕੱਠੀਆਂ ਹੋ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਮੁੱਦਿਆਂ 'ਤੇ ਭਾਜਪਾ ਨੂੰ ਘੇਰਿਆ।

ਰੈਲੀ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ 25 ਸਾਲਾਂ ਤੋਂ ਅਕਾਲੀ ਦਲ ਅਤੇ ਕਾਂਗਰਸ ਨੇ ਇੱਕ-ਦੂਜੇ ਨੂੰ ਸਿਆਸੀ ਵਿਰੋਧੀ ਦੱਸ ਕੇ ਲੋਕਾਂ ਤੋਂ ਵੋਟਾਂ ਹਾਸਲ ਕੀਤੀਆਂ ਹਨ, ਪਰ ਹੁਣ ਸਿਆਸੀ ਹਿੱਤਾਂ ਲਈ ਇਕੱਠੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀ ਸਿਆਸਤ ਤੋਂ ਸੁਚੇਤ ਰਹਿਣ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਸਾਨ ਅੰਦੋਲਨ ਦੌਰਾਨ ਅਕਾਲੀ ਦਲ ਵੱਲੋਂ ਭਾਜਪਾ ਖ਼ਿਲਾਫ਼ ਲਏ ਗਏ ਸਟੈਂਡ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਸਨ ਤਾਂ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ ਸਨ। ਉਨ੍ਹਾਂ ਸਵਾਲ ਕੀਤਾ ਕਿ ਕਿਸਾਨ ਵਿਰੋਧੀ ਕਹੇ ਜਾਣ ਵਾਲੇ ਕਾਨੂੰਨਾਂ ਅਤੇ ਭਾਜਪਾ ਨਾਲ ਸਿਆਸੀ ਸਮਝੌਤੇ ਬਾਰੇ ਅਕਾਲੀ ਦਲ ਆਪਣਾ ਪੱਖ ਸਪੱਸ਼ਟ ਕਰੇ।

ਭਗਵੰਤ ਮਾਨ ਨੇ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਵੀ ਭਾਜਪਾ 'ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਹਿਮ ਮਸਲਿਆਂ ਦਾ ਹੱਲ ਕਰਵਾਉਣ ਦੀ ਬਜਾਏ ਸਿਆਸੀ ਪਾਰਟੀਆਂ ਕੁਰਸੀ ਦੀ ਲੜਾਈ ਵਿੱਚ ਲੱਗੀਆਂ ਹੋਈਆਂ ਹਨ।

ਕਾਂਗਰਸ ਦੀ ਪਿਛਲੀ ਸਰਕਾਰ 'ਤੇ ਵੀ ਸਾਧੇ ਨਿਸ਼ਾਨੇ

ਮੁੱਖ ਮੰਤਰੀ ਨੇ ਕਾਂਗਰਸ ਦੀ ਪਿਛਲੀ ਸਰਕਾਰ ਅਤੇ ਸੂਬੇ ਦੇ ਕਾਂਗਰਸੀ ਆਗੂਆਂ ਦੀ ਕਾਰਗੁਜ਼ਾਰੀ 'ਤੇ ਵੀ ਤਨਜ਼ ਕੱਸੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਏਜੰਡਾ ਨਹੀਂ ਹੈ ਅਤੇ ਉਹ ਸਿਰਫ਼ ਸਿਆਸੀ ਸਰਗਰਮੀਆਂ ਰਾਹੀਂ ਲੋਕਾਂ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਇਸ ਦੌਰਾਨ ਭਗਵੰਤ ਮਾਨ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਵਿੱਚ 77 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਮੁਤਾਬਕ ਸੂਬੇ ਦੇ ਲਗਪਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਨੇ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਾਰਡਾਂ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਵੱਧ ਤੋਂ ਵੱਧ ਲੋਕਾਂ ਦੇ ਸਿਹਤ ਬੀਮਾ ਕਾਰਡ ਬਣਵਾਉਣ ਦੀ ਅਪੀਲ ਕੀਤੀ।

2027 ਦੀਆਂ ਚੋਣਾਂ ਲਈ ਲੋਕਾਂ ਤੋਂ ਮੰਗਿਆ ਸਮਰਥਨ

ਆਪਣੇ ਸੰਬੋਧਨ ਦੇ ਅਖੀਰ ਵਿੱਚ ਮੁੱਖ ਮੰਤਰੀ ਨੇ ਰੈਲੀ ਵਿੱਚ ਮੌਜੂਦ ਲੋਕਾਂ ਨੂੰ ਸਿੱਧਾ ਸਵਾਲ ਕਰਦਿਆਂ ਪੁੱਛਿਆ ਕਿ ਕਿੰਨੇ ਲੋਕ 2027 ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਨੇ ਰੈਲੀ ਵਿੱਚ ਮੌਜੂਦ ਲੋਕਾਂ ਦੇ ਹੁੰਗਾਰੇ ਨੂੰ ਆਪਣੀ ਸਰਕਾਰ ਪ੍ਰਤੀ ਸਮਰਥਨ ਦੱਸਿਆ।

ਰੈਲੀ ਲਈ 200 ਬੱਸਾਂ ਜਾਣ ਕਾਰਨ ਬਠਿੰਡਾ 'ਚ ਯਾਤਰੀ ਪਰੇਸ਼ਾਨ

ਮੋਗਾ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਪੰਜਾਬ ਪੱਧਰੀ ਰੈਲੀ ਦਾ ਅਸਰ ਬਠਿੰਡਾ ਦੀ ਬੱਸ ਆਵਾਜਾਈ 'ਤੇ ਵੀ ਦੇਖਣ ਨੂੰ ਮਿਲਿਆ। ਜਾਣਕਾਰੀ ਅਨੁਸਾਰ ਰੈਲੀ ਵਿੱਚ ਵਰਕਰਾਂ ਅਤੇ ਸਮਰਥਕਾਂ ਨੂੰ ਲਿਜਾਣ ਲਈ ਬਠਿੰਡਾ ਤੋਂ ਪੀਆਰਟੀਸੀ, ਕਿਲੋਮੀਟਰ ਸਕੀਮ ਅਤੇ ਨਿੱਜੀ ਮਿੰਨੀ ਬੱਸਾਂ ਦੀਆਂ ਤਕਰੀਬਨ 200 ਬੱਸਾਂ ਰਵਾਨਾ ਕੀਤੀਆਂ ਗਈਆਂ।

ਇਨ੍ਹਾਂ ਬੱਸਾਂ ਦੇ ਰੈਲੀ ਲਈ ਜਾਣ ਕਾਰਨ ਆਮ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬੱਸ ਅੱਡਿਆਂ 'ਤੇ ਮੁਸਾਫ਼ਰ ਲੰਮੇ ਸਮੇਂ ਤੱਕ ਬੱਸਾਂ ਦੀ ਉਡੀਕ ਕਰਦੇ ਨਜ਼ਰ ਆਏ।