ਪੰਜਾਬ 'ਚ ਦਲ ਬਦਲੂ ਵਿਧਾਇਕਾਂ ਖ਼ਿਲਾਫ਼ AAP ਦੀ ਕਾਰਵਾਈ, ਚੇਤਨ ਜੌੜਾਮਾਜਰਾ ਅਤੇ ਪਠਾਣਮਾਜਰਾ ਨੂੰ ਅਯੋਗ ਕਰਾਰ ਦੇਣ ਦੀ ਮੰਗ
- ਪੰਜਾਬ
- (Asia/Kolkata)
ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਨੇ ਭਾਜਪਾ ਵਿੱਚ ਸ਼ਾਮਲ ਹੋਏ ਆਪਣੇ ਦੋ ਵਿਧਾਇਕਾਂ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੂੰ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਕਰਾਰ ਦੇਣ ਦੀ ਮੰਗ ਕੀਤੀ ਹੈ। ਪਾਰਟੀ ਦੀ ਚੀਫ਼ ਵ੍ਹਿਪ ਬਲਜਿੰਦਰ ਕੌਰ ਨੇ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੋਲ ਪਟੀਸ਼ਨ ਦਾਇਰ ਕੀਤੀ ਹੈ।
ਇਹ ਪਟੀਸ਼ਨ ਭਾਰਤੀ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਦਾਇਰ ਕੀਤੀ ਗਈ ਹੈ। ਇਸ ਦੌਰਾਨ ਸਪੀਕਰ ਨੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ, ਜਦਕਿ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਹਾਲੇ ਤੱਕ ਵਿਧਾਇਕੀ ਤੋਂ ਅਸਤੀਫ਼ਾ ਨਹੀਂ ਦਿੱਤਾ।
ਪਠਾਣਮਾਜਰਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਦਿੱਤਾ ਅਸਤੀਫ਼ਾ
ਹਰਮੀਤ ਸਿੰਘ ਪਠਾਣਮਾਜਰਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਕੁਝ ਸਮੇਂ ਬਾਅਦ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੂਜੇ ਪਾਸੇ, ਚੇਤਨ ਸਿੰਘ ਜੌੜਾਮਾਜਰਾ ਨੇ ਹਾਲੇ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਨਹੀਂ ਦਿੱਤਾ ਹੈ।
ਬਲਜਿੰਦਰ ਕੌਰ ਵੱਲੋਂ ਦਾਇਰ ਪਟੀਸ਼ਨ ਵਿੱਚ ਦੋਵਾਂ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਕਰਾਰ ਦੇਣ ਦੀ ਅਪੀਲ ਕੀਤੀ ਗਈ ਹੈ। ਹੁਣ ਇਸ ਮਾਮਲੇ ਵਿੱਚ ਅਗਲਾ ਫ਼ੈਸਲਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਲਿਆ ਜਾਣਾ ਹੈ।
ਤਿੰਨ ਵਿਧਾਇਕ ਭਾਜਪਾ ਵਿੱਚ ਹੋਏ ਸ਼ਾਮਲ
ਜ਼ਿਕਰਯੋਗ ਹੈ ਕਿ ਸਮਾਣਾ ਤੋਂ 'ਆਪ' ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਲੰਘੇ ਕੱਲ੍ਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ।
ਇਸ ਤੋਂ ਬਾਅਦ ਅੱਜ 'ਆਪ' ਦੇ ਤਿੰਨ ਵਿਧਾਇਕ ਦਿੱਲੀ ਸਥਿਤ ਭਾਜਪਾ ਦਫ਼ਤਰ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਭਾਜਪਾ ਦੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਿੰਨਾਂ ਵਿਧਾਇਕਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।