Punjab Infoline

ਪੰਜਾਬੀ

ਬਾਲਾ ਸਾਹਿਬ ਵਿਖੇ ਕੈਂਸਰ ਦੇ ਆਧੁਨਿਕ ਇਲਾਜ ਦੀ ਨਵੀਂ ਸੇਵਾ ਦੀ ਸ਼ੁਰੂਆਤ : ਕਾਲਕਾ ਤੇ ਕਾਹਲੋਂ

26 Sep, 2026 11:12 AM

ਨਵੀਂ ਦਿੱਲੀ 25 ਸਤੰਬਰ, 2026 (ਮਨਮੋਹਨ ਸਿੰਘ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅੱਜ ਇਥੇ ਗੁਰਦੁਆਰਾ ਬਾਲਾ ਸਾਹਿਬ ਕੰਪਲੈਕਸ ਵਿਖੇ ਸਥਿਤ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿਖੇ ਕੈਂਸਰ ਦੇ ਮਰੀਜ਼ਾਂ ਲਈ ਨਵੀਆਂ ਮੈਡੀਕਲ ਸੇਵਾਵਾਂ ਦੀ ਸ਼ਾਨਦਾਰ ਸ਼ੁਰੂਆਤ ਮੌਕੇ ਸ਼ਮੂਲੀਅਤ ਕੀਤੀ। ਇਸ ਮੌਕੇ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਵਾਂ ਆਗੂਆਂ ਨੇ ਕਿਹਾ ਕਿ ਕੈਂਸਰ ਵਰਗੀ ਗੰਭੀਰ ਬਿਮਾਰੀ ਨਾਲ ਜੂਝ ਰਹੇ ਮਰੀਜ਼ਾਂ ਨੂੰ ਆਧੁਨਿਕ, ਮਿਆਰੀ ਅਤੇ ਘੱਟ ਖਰਚੇ ਤੇ ਇਲਾਜ ਦੀਆਂ ਸਹੂਲਤਾਂ ਪ੍ਰੂ ਕਰਵਾਉਣਾ ਮਨੁੱਖਤਾ ਦੀ ਸੇਵਾ ਦਾ ਮਹੱਤਵਪੂਰਨ ਕਾਰਜ ਹੈ। ਉਨ੍ਹਾਂ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿਖੇ ਕੈਂਸਰ ਕੇਅਰ ਸੇਵਾਵਾਂ ਦੀ ਸ਼ੁਰੂਆਤ ਨਾਲ ਮਰੀਜ਼ਾਂ ਨੂੰ ਇੱਕੋ ਛੱਤ ਹੇਠ ਮਾਹਿਰ ਡਾਕਟਰੀ ਸਲਾਹ ਅਤੇ ਇਲਾਜ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ। ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਨੇ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੇ ਚੇਅਰਮੈਨ ਸਰਦਾਰ ਗੁਰਦੇਵ ਸਿੰਘ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਦਰਸ਼ੀ ਅਗਵਾਈ ਅਤੇ ਸਮਰਪਿਤ ਯਤਨਾਂ ਸਦਕਾ ਇਹ ਮਹੱਤਵਪੂਰਨ ਸੇਵਾ ਸ਼ੁਰੂ ਹੋ ਸਕੀ ਹੈ। ਉਨ੍ਹਾਂ ਨੇ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੇ ਸਮਰਪਿਤ ਡਾਕਟਰਾਂ, ਵਿਸ਼ੇਸ਼ ਤੌਰ 'ਤੇ ਮਾਹਿਰ ਔਨਕੋਲੋਜਿਸਟਾਂ, ਸਿਹਤ ਸੇਵਾਵਾਂ ਨਾਲ ਜੁੜੇ ਮਾਹਿਰਾਂ ਅਤੇ ਸਮੁੱਚੀ ਟੀਮ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਕੈਂਸਰ ਦੇ ਮਰੀਜ਼ਾਂ ਲਈ ਆਧੁਨਿਕ ਅਤੇ ਬਹੁ-ਪੱਖੀ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਵਡਮੁੱਲਾ ਯੋਗਦਾਨ ਪਾਇਆ ਹੈ ਦੋਵਾਂ ਆਗੂਆਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਮੁੱਖ ਉਦੇਸ਼ ਹਮੇਸ਼ਾ ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰਨਾ ਰਿਹਾ ਹੈ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਵੀ ਇਸੇ ਸੇਵਾ-ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਲੋੜਵੰਦ ਮਰੀਜ਼ ਨੂੰ ਇਲਾਜ ਦੇ ਨਾਲ-ਨਾਲ ਹਮਦਰਦੀ, ਸਤਿਕਾਰ ਅਤੇ ਮਨੁੱਖੀ ਸਹਾਰਾ ਦੇਣਾ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜ਼ਿੰਮੇਂਵਾਰੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਵਿੱਚ ਵੀ ਨਿਸ਼ਕਾਮ ਸੇਵਾ, ਹਮਦਰਦੀ ਭਰੀ ਸਿਹਤ ਸੰਭਾਲ ਅਤੇ ਮਰੀਜ਼ਾਂ ਨੂੰ ਸਮੁੱਚੀ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਰਹੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਮਨੁੱਖਤਾ ਦੀ ਸੇਵਾ ਦੇ ਇਸ ਕਾਰਜ ਨੂੰ ਹੋਰ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾਣਗੇ।

Posted By: Punjab Infoline Bureau

Latest News