ਪੰਜਾਬ ’ਚ ਨਸ਼ਾ, ਗੈਂਗਸਟਰ ਤੇ ਹਥਿਆਰ ਤਸਕਰੀ ਨੈੱਟਵਰਕ ਦੀ NIA ਜਾਂਚ ਕਰਵਾਈ ਜਾਵੇ: ਸੁਨੀਲ ਜਾਖੜ
- ਪੰਜਾਬ
- (Asia/Kolkata)
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਨਸ਼ਾ ਤਸਕਰੀ, ਗੈਂਗਸਟਰ ਗਤੀਵਿਧੀਆਂ ਅਤੇ ਅੰਤਰਰਾਸ਼ਟਰੀ ਹਥਿਆਰ ਤਸਕਰੀ ਨੈੱਟਵਰਕ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA) ਤੋਂ ਕਰਵਾਉਣ ਦੀ ਮੰਗ ਕੀਤੀ ਹੈ। 26 ਅਕਤੂਬਰ ਨੂੰ ਲਿਖੇ ਪੱਤਰ ਵਿੱਚ ਜਾਖੜ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਦੀ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ।
4 ਕਿੱਲੋ ਹੈਰੋਇਨ ਬਰਾਮਦਗੀ ਦੇ ਮਾਮਲੇ ਦਾ ਦਿੱਤਾ ਹਵਾਲਾ
ਜਾਖੜ ਨੇ ਆਪਣੇ ਪੱਤਰ ਵਿੱਚ ਦੋ ਪ੍ਰਮੁੱਖ ਮਾਮਲਿਆਂ ਦਾ ਹਵਾਲਾ ਦਿੱਤਾ। ਪਹਿਲਾ ਮਾਮਲਾ 2023 ਵਿੱਚ ਬਠਿੰਡਾ ਦੇ ਥਾਣਾ ਨਥਾਣਾ ਵਿੱਚ ਦਰਜ 4 ਕਿੱਲੋ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਹੈ। ਉਨ੍ਹਾਂ ਮੁਤਾਬਕ, ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਇਹ ਹੈਰੋਇਨ ਫ਼ਿਰੋਜ਼ਪੁਰ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ‘ਹੈਰੀ’ ਨਾਂ ਦੇ ਵਿਅਕਤੀ ਨੇ ਮੰਗਵਾਈ ਸੀ।
ਜਾਖੜ ਨੇ ਦੋਸ਼ ਲਾਇਆ ਕਿ ਪੁਲੀਸ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੈਰੀ ਨੂੰ ਪੈਰੋਲ ’ਤੇ ਰਿਹਾਅ ਕਰਵਾਇਆ ਗਿਆ ਅਤੇ ਦੁਬਈ ਭੱਜਣ ਵਿੱਚ ਮਦਦ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਹੈਰੀ ਹੁਣ ਦੁਬਈ ਤੋਂ ਅਬੋਹਰ ਤੋਂ ਲੁਧਿਆਣਾ ਤੱਕ ਨਸ਼ਾ ਤਸਕਰੀ, ਫਿਰੌਤੀ ਅਤੇ ਗੈਂਗਸਟਰ ਗਤੀਵਿਧੀਆਂ ਚਲਾ ਰਿਹਾ ਹੈ। ਜਾਖੜ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਫਾਈਲ ਬੰਦ ਕਰ ਦਿੱਤੀ ਹੈ।
ਐਂਟੀ-ਡਰੋਨ ਯੂਨਿਟ ਦੇ ਕਾਂਸਟੇਬਲ ਦੀ ਗ੍ਰਿਫ਼ਤਾਰੀ ਦਾ ਜ਼ਿਕਰ
ਦੂਜਾ ਮਾਮਲਾ ਪੰਜਾਬ ਸਰਕਾਰ ਦੀ ਐਂਟੀ-ਡਰੋਨ ਯੂਨਿਟ ਦੇ ਕਾਂਸਟੇਬਲ ਕਰਨਦੀਪ ਸਿੰਘ ਦੀ ਗ੍ਰਿਫ਼ਤਾਰੀ ਨਾਲ ਸਬੰਧਤ ਹੈ, ਜਿਸ ਕੋਲੋਂ 25 ਕਿੱਲੋ ਹੈਰੋਇਨ ਬਰਾਮਦ ਹੋਈ ਸੀ। ਜਾਖੜ ਮੁਤਾਬਕ, ਕਰਨਦੀਪ ਸਿੰਘ ਨੇ ਖ਼ੁਲਾਸਾ ਕੀਤਾ ਸੀ ਕਿ ਉਹ ਇਸੇ ਤਰ੍ਹਾਂ ਦੀਆਂ 24 ਹੋਰ ਖੇਪਾਂ ਦਾ ਪ੍ਰਬੰਧ ਕਰ ਚੁੱਕਾ ਸੀ ਅਤੇ ਇਸ ਨੈੱਟਵਰਕ ਦੇ ਲੋਕ ਪਾਕਿਸਤਾਨ ਤੋਂ ਹੈਰੋਇਨ ਤੇ ਹਥਿਆਰ ਮੰਗਵਾ ਰਹੇ ਸਨ।
ਰਾਸ਼ਟਰੀ ਸੁਰੱਖਿਆ ਦੇ ਮੱਦੇਨਜ਼ਰ NIA ਜਾਂਚ ਦੀ ਮੰਗ
ਜਾਖੜ ਨੇ ਕਿਹਾ ਕਿ ਇਹ ਮਾਮਲੇ ਪਾਕਿਸਤਾਨ ਤੋਂ ਸਰਹੱਦ ਪਾਰ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵੱਲ ਇਸ਼ਾਰਾ ਕਰਦੇ ਹਨ। ਉਨ੍ਹਾਂ ਦੇ ਅਨੁਸਾਰ, ਕਿਉਂਕਿ ਇਹ ਮੁੱਦਾ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ, ਇਸ ਲਈ ਇਨ੍ਹਾਂ ਮਾਮਲਿਆਂ ਦੀ ਨਿਸ਼ਚਿਤ ਸਮੇਂ ਅੰਦਰ NIA ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਾਂਚ ਨਾਲ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਪ੍ਰਭਾਵਸ਼ਾਲੀ ਲੋਕਾਂ ਦੀ ਭੂਮਿਕਾ ਵੀ ਸਾਹਮਣੇ ਆ ਸਕਦੀ ਹੈ।