ਲੁਧਿਆਣਾ ’ਚ ਗੁਰਦੁਆਰਾ ਸਾਹਿਬ ਦੇ ਗੇਟ ’ਤੇ ਫਾਇਰਿੰਗ, ਮੁਖੀ ਬਾਬਾ ਅਮਰਜੀਤ ਸਿੰਘ ਤੇ ਅਕਾਲੀ ਵਰਕਰ ਨੂੰ ਜਾਨੋਂ ਮਾਰਨ ਦੀ ਧਮਕੀ
- ਪੰਜਾਬ
- (Asia/Kolkata)
ਲੁਧਿਆਣਾ ਵਿੱਚ ਗੁਰਦੁਆਰਾ ਸਾਹਿਬ ਭਗਤ ਧੰਨਾ ਜੀ ਦੇ ਗੇਟ ’ਤੇ ਇੱਕ ਨਕਾਬਪੋਸ਼ ਵਿਅਕਤੀ ਵੱਲੋਂ ਗੋਲੀਬਾਰੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਵਿਅਕਤੀ ਨੇ ਦੋ ਗੋਲੀਆਂ ਚਲਾਈਆਂ ਅਤੇ ਇਸ ਤੋਂ ਬਾਅਦ ਗੇਟ ’ਤੇ ਧਮਕੀ ਭਰਿਆ ਪੱਤਰ ਸੁੱਟ ਕੇ ਫ਼ਰਾਰ ਹੋ ਗਿਆ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੇ ਆਪਣੇ ਮੂੰਹ ’ਤੇ ਕੱਪੜਾ ਬੰਨ੍ਹਿਆ ਹੋਇਆ ਸੀ। ਉਸ ਵੱਲੋਂ ਸੁੱਟੀ ਗਈ ਚਿੱਠੀ ਵਿੱਚ ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਅਮਰਜੀਤ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਰਕਰ ਗੁਰਿੰਦਰ ਸਿੰਘ ਰੂਮੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਜਾਂਚ
ਘਟਨਾ ਦੀ ਜਾਣਕਾਰੀ ਮਿਲਣ ’ਤੇ ਲੁਧਿਆਣਾ ਦਿਹਾਤੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਪਿੰਡ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਮੁਲਜ਼ਮ ਕਿੱਥੋਂ ਆਇਆ ਸੀ।
ਸਦਰ ਥਾਣੇ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚ ਗਈ ਸੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।