Punjab Infoline

ਪੰਜਾਬੀ

ਬੇਅਦਬੀ ਕਾਨੂੰਨ ਨੂੰ ਮਜ਼ਬੂਤ ਕਰਨ ਲਈ CM ਮਾਨ ਨੇ ਬੁਲਾਈ 7 ਮੈਂਬਰੀ ਕਮੇਟੀ ਦੀ ਮੀਟਿੰਗ

27 Sep, 2026 09:23 AM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਪ੍ਰਸਤਾਵਿਤ ਸੋਧਾਂ ਦੀ ਸਮੀਖਿਆ ਅਤੇ ਸੁਝਾਵਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਤਾਲਮੇਲ ਵਾਸਤੇ ਸੂਬਾ ਸਰਕਾਰ ਵੱਲੋਂ ਕਾਇਮ ਕੀਤੀ 7 ਮੈਂਬਰੀ ਉੱਚ-ਪੱਧਰੀ ਕਮੇਟੀ ਨਾਲ ਅੱਜ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ।

ਮੀਟਿੰਗ ਵਿੱਚ ਕਾਨੂੰਨ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇਰੀ ਕਾਰਵਾਈ ’ਤੇ ਵਿਚਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਹ ਯਕੀਨੀ ਬਣਾਉਣ ’ਤੇ ਧਿਆਨ ਦਿੱਤਾ ਜਾਵੇਗਾ ਕਿ ਪ੍ਰਸਤਾਵਿਤ ਸੋਧਾਂ ਵਿੱਚ ਸਾਰੇ ਕਾਨੂੰਨੀ ਅਤੇ ਪ੍ਰਕਿਰਿਆਤਮਕ ਪਹਿਲੂਆਂ ਨੂੰ ਵਿਆਪਕ ਤੌਰ ’ਤੇ ਸ਼ਾਮਲ ਕੀਤਾ ਜਾਵੇ।

7 ਮੈਂਬਰੀ ਕਮੇਟੀ ਵਿੱਚ ਕੌਣ-ਕੌਣ ਸ਼ਾਮਲ

ਸੂਬਾ ਸਰਕਾਰ ਵੱਲੋਂ ਬਣਾਈ ਗਈ ਇਸ ਉੱਚ-ਪੱਧਰੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਰਿਟਾਇਰਡ) ਜਸਪਾਲ ਸਿੰਘ, ਜਸਟਿਸ (ਰਿਟਾਇਰਡ) ਗੁਰਬੀਰ ਸਿੰਘ, ਆਈ.ਪੀ.ਐਸ (ਰਿਟਾਇਰਡ) ਜਤਿੰਦਰ ਸਿੰਘ ਔਲਖ ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

ਮਜ਼ਬੂਤ ਕਾਨੂੰਨ ਬਣਾਉਣ ਲਈ ਸਰਕਾਰ ਵਚਨਬੱਧ: CM ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਬਾਰੇ ਸੋਚਣ ਵਾਲੇ ਕਿਸੇ ਵੀ ਵਿਅਕਤੀ ਲਈ ਪ੍ਰਭਾਵਸ਼ਾਲੀ ਰੋਕ ਵਜੋਂ ਕੰਮ ਕਰਨ ਵਾਲਾ ਮਜ਼ਬੂਤ ਕਾਨੂੰਨ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਤੀਤ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਅਤੇ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਮਰਿਆਦਾ ਦੀ ਰੱਖਿਆ ਕਰਨਾ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਧੰਨਵਾਦੀ ਹਨ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਦੀ ਰੱਖਿਆ ਲਈ ਸਮਰਪਿਤ ਕਾਨੂੰਨ ਲਿਆਉਣ ਦਾ ਮੌਕਾ ਮਿਲਿਆ।

ਉਨ੍ਹਾਂ ਅਨੁਸਾਰ, ਇਹ ਬਿੱਲ ਕਾਨੂੰਨੀ ਮਾਹਰਾਂ ਨਾਲ ਵਿਆਪਕ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤਾ ਗਿਆ ਸੀ, ਤਾਂ ਜੋ ਇਸ ਵਿੱਚ ਅਜਿਹੀਆਂ ਚੋਰ-ਮੋਰੀਆਂ ਨਾ ਰਹਿ ਜਾਣ ਜੋ ਭਵਿੱਖ ਵਿੱਚ ਇਸ ਦੀ ਪ੍ਰਭਾਵਸ਼ੀਲਤਾ ਨੂੰ ਕਮਜ਼ੋਰ ਕਰ ਸਕਣ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਹੋਵੇਗਾ ਸਲਾਹ-ਮਸ਼ਵਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਨੂੰਨ ਨੂੰ ਵਿਆਪਕ, ਪੁਖ਼ਤਾ ਅਤੇ ਸਮੇਂ ਦੀ ਕਸੌਟੀ ’ਤੇ ਖ਼ਰਾ ਉੱਤਰਨ ਦੇ ਯੋਗ ਬਣਾਉਣਾ ਸਰਕਾਰ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਬੇਅਦਬੀ ਦੇ ਕਾਰੇ ਦੀ ਜਵਾਬਦੇਹੀ ਤੋਂ ਬਚਣ ਲਈ ਕਿਸੇ ਕਾਨੂੰਨੀ ਚੋਰ-ਮੋਰੀ ਦਾ ਫ਼ਾਇਦਾ ਨਾ ਚੁੱਕ ਸਕੇ, ਇਸ ਲਈ ਕਾਨੂੰਨ ਦੇ ਹਰ ਪਹਿਲੂ ਦੀ ਧਿਆਨ ਨਾਲ ਪੜਚੋਲ ਕਰਨੀ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ 7 ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਸਲਾਹ-ਮਸ਼ਵਰਾ ਕਰੇਗੀ ਅਤੇ ਕਾਨੂੰਨ ਦੇ ਹਰ ਪਹਿਲੂ ਦੀ ਪੜਚੋਲ ਕਰਦੇ ਹੋਏ ਸੂਬਾ ਸਰਕਾਰ ਨੂੰ ਰਹਿਨੁਮਾਈ ਪ੍ਰਦਾਨ ਕਰੇਗੀ। ਪ੍ਰਸਤਾਵਿਤ ਸੋਧਾਂ ’ਤੇ ਵਿਆਪਕ ਚਰਚਾ ਕੀਤੀ ਜਾਵੇਗੀ ਤਾਂ ਜੋ ਸਾਰੇ ਕਾਨੂੰਨੀ ਅਤੇ ਪ੍ਰਕਿਰਿਆਤਮਕ ਪਹਿਲੂਆਂ ਦਾ ਢੁਕਵਾਂ ਹੱਲ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੇਗੀ ਕਿ ਕਾਨੂੰਨ ਬੇਅਦਬੀ ਦੇ ਵਿਰੁੱਧ ਮਜ਼ਬੂਤ ਢਾਂਚਾ ਪ੍ਰਦਾਨ ਕਰੇ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਸੋਧਾਂ ਨੂੰ ਪੂਰੀ ਸੰਵੇਦਨਸ਼ੀਲਤਾ, ਜ਼ਿੰਮੇਵਾਰੀ ਅਤੇ ਸੰਵਿਧਾਨਕ ਤੇ ਕਾਨੂੰਨੀ ਸਿਧਾਂਤਾਂ ਅਨੁਸਾਰ ਅੱਗੇ ਵਧਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਮਕਸਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਣਾ ਅਤੇ ਕਾਨੂੰਨ ਨੂੰ ਇਸ ਦੇ ਮਨੋਰਥ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰਨ ਯੋਗ ਬਣਾਉਣਾ ਹੈ। ਉਨ੍ਹਾਂ ਉਮੀਦ ਜਤਾਈ ਕਿ ਕਮੇਟੀ ਦਾ ਵਿਚਾਰ-ਵਟਾਂਦਰਾ ਸਿੱਖ ਪੰਥ ਦੀਆਂ ਭਾਵਨਾਵਾਂ ਦੇ ਅਨੁਕੂਲ ਨਤੀਜੇ ਦੇਵੇਗਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰੱਖਿਆ ਲਈ ਕਾਨੂੰਨੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ।

Posted By: Punjab Infoline Bureau

Latest News