PM ਮੋਦੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ, ਸਦੀਵੀ ਸਿੱਖਿਆਵਾਂ ਨੂੰ ਕੀਤਾ ਯਾਦ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਦੀਵੀ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਦਾ ਮਾਰਗਦਰਸ਼ਨ ਕਰ ਰਹੀਆਂ ਹਨ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਸਾਂਝੇ ਕੀਤੇ ਸੰਦੇਸ਼ ਵਿੱਚ ਕਿਹਾ, ''ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਨਿੱਘੀਆਂ ਮੁਬਾਰਕਾਂ। ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਲਗਾਤਾਰ ਮਨੁੱਖਤਾ ਦਾ ਮਾਰਗਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਦਾ ਸੰਦੇਸ਼ ਸਾਨੂੰ ਦਇਆ, ਆਪਸੀ ਸਾਂਝ ਅਤੇ ਸਰਬੱਤ ਦੇ ਭਲੇ ’ਤੇ ਆਧਾਰਿਤ ਸਮਾਜ ਸਿਰਜਣ ਲਈ ਪ੍ਰੇਰਿਤ ਕਰਦਾ ਰਹੇ।''
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਗਲਵਾਰ ਨੂੰ ਦੇਸ਼-ਵਿਦੇਸ਼ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਅਨਮੋਲ ਸੰਦੇਸ਼ ਨਾ ਸਿਰਫ਼ ਭਾਰਤ, ਸਗੋਂ ਪੂਰੀ ਦੁਨੀਆ ਲਈ ਪ੍ਰੇਰਨਾਦਾਇਕ ਅਤੇ ਸਾਰਥਕ ਬਣਿਆ ਹੋਇਆ ਹੈ।
ਉਨ੍ਹਾਂ ਕਿਹਾ, ''ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਸਮੁੱਚੀ ਮਨੁੱਖਤਾ ਦੀ ਭਲਾਈ ਬਾਰੇ ਸੋਚਿਆ। ਉਨ੍ਹਾਂ ਸਮਾਜ ਨੂੰ ਸੱਚ, ਕਿਰਤ, ਸੇਵਾ, ਦਇਆ ਅਤੇ ਆਪਸੀ ਭਾਈਚਾਰੇ ਦਾ ਮਾਰਗ ਦਿਖਾਇਆ।''
PM ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੀਆਂ ਸਿੱਖਿਆਵਾਂ 'ਤੇ ਦੁਨੀਆ ਭਰ ਦੇ ਸਿੱਖ ਭੈਣ-ਭਰਾ ਅਮਲ ਕਰ ਰਹੇ ਹਨ। ਉਨ੍ਹਾਂ ਕਿਹਾ, ''ਮੈਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਵਿੱਚ ਸ਼ਰਧਾ ਨਾਲ ਸੀਸ ਝੁਕਾਉਂਦਾ ਹਾਂ।''
ਇਸ ਤੋਂ ਪਹਿਲਾਂ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਉਪ ਰਾਜਪਾਲ (LG) ਤਰਨਜੀਤ ਸਿੰਘ ਸੰਧੂ ਵੱਲੋਂ ਆਪਣੀ ਰਿਹਾਇਸ਼ 'ਤੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ਮੌਕੇ ਕਰਵਾਏ ਗਏ ਸ਼ਬਦ ਕੀਰਤਨ ਵਿੱਚ ਸ਼ਾਮਲ ਹੋਏ ਸਨ।