ਸੰਗਰੂਰ ’ਚ ਨਸ਼ਾ ਤਸਕਰੀ ਦੀ ਵੀਡੀਓ ਬਣਾਉਣ ਵਾਲੇ ਨੌਜਵਾਨ ਨੇ ਜ਼ਹਿਰੀਲੀ ਵਸਤੂ ਨਿਗਲੀ, ਸਰਪੰਚ ’ਤੇ ਧਮਕਾਉਣ ਦੇ ਦੋਸ਼
ਜ਼ਿਲ੍ਹਾ ਸੰਗਰੂਰ ਵਿੱਚ ਨਸ਼ਿਆਂ ਨਾਲ ਸਬੰਧਤ ਮਾਮਲੇ ਅਤੇ ਪ੍ਰਸ਼ਾਸਨਿਕ ਅਣਦੇਖੀ ਦੇ ਦੋਸ਼ਾਂ ਵਿਚਕਾਰ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਨਮੋਲ ਦੇ ਰਹਿਣ ਵਾਲੇ ਜਗਸੀਰ ਸਿੰਘ ਉਰਫ਼ ਜੱਗਾ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਸੰਗਰੂਰ ਦੇ ਬਾਹਰ ਜ਼ਹਿਰੀਲੀ ਵਸਤੂ ਨਿਗਲ ਲਈ।
ਪੀੜਤ ਦਾ ਦੋਸ਼ ਹੈ ਕਿ ਪਿੰਡ ਵਿੱਚ ਚਿੱਟੇ (ਸਿੰਥੈਟਿਕ ਨਸ਼ੇ) ਦੀ ਕਥਿਤ ਸਪਲਾਈ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਤੋਂ ਬਾਅਦ ਪਿੰਡ ਦੇ ਸਰਪੰਚ ਵੱਲੋਂ ਉਸ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਐਤਵਾਰ ਨੂੰ ਵਾਪਰੀ ਘਟਨਾ ਤੋਂ ਬਾਅਦ ਜੱਗਾ ਨੂੰ ਪਹਿਲਾਂ ਸੰਗਰੂਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਪਟਿਆਲਾ ਦੇ ਰਾਜਿੰਦਰ ਹਸਪਤਾਲ ਰੈਫ਼ਰ ਕੀਤਾ ਗਿਆ। ਉੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਨੌਜਵਾਨ ਨੇ ਵੀਡੀਓ ਰਾਹੀਂ ਲਾਏ ਦੋਸ਼
ਜੱਗਾ ਸਿੰਘ ਨੇ ਇੱਕ ਵੀਡੀਓ ਰਾਹੀਂ ਦਾਅਵਾ ਕੀਤਾ ਕਿ ਉਸ ਨੇ ਆਪਣੇ ਪਿੰਡ ਨਮੋਲ ਵਿੱਚ ਹੋ ਰਹੀ ਕਥਿਤ ਨਸ਼ਾ ਤਸਕਰੀ ਦੀ ਵੀਡੀਓ ਇੰਟਰਨੈੱਟ ’ਤੇ ਪਾਈ ਸੀ। ਉਸ ਦੇ ਅਨੁਸਾਰ, ਇਸ ਤੋਂ ਬਾਅਦ ਪਿੰਡ ਦੇ ਸਰਪੰਚ ਨੇ ਉਸ ਨੂੰ ਡਰਾ-ਧਮਕਾ ਕੇ ਵੀਡੀਓ ਡਿਲੀਟ ਕਰਨ ਲਈ ਮਜਬੂਰ ਕੀਤਾ।
ਉਸ ਨੇ ਇਹ ਵੀ ਦੋਸ਼ ਲਾਇਆ ਕਿ ਉਸ ਦੇ ਘਰ ਵਿੱਚ ਲੱਗੇ CCTV ਕੈਮਰੇ ਤੋੜ ਦਿੱਤੇ ਗਏ। ਜੱਗਾ ਸਿੰਘ ਨੇ ਦਾਅਵਾ ਕੀਤਾ ਕਿ ਉਸ ਵੱਲੋਂ ਪੁਲੀਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਉਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ।
ਪੁਲੀਸ ਮੁਤਾਬਕ ਜੱਗਾ ਸਿੰਘ ਵੱਲੋਂ ਜ਼ਹਿਰੀਲੀ ਵਸਤੂ ਨਿਗਲਣ ਦੇ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
7 ਸਤੰਬਰ ਦੀ ਘਟਨਾ ਦਾ ਵੀ ਕੀਤਾ ਗਿਆ ਜ਼ਿਕਰ
ਜ਼ਿਕਰਯੋਗ ਹੈ ਕਿ ਇਹ ਘਟਨਾ ਸੰਗਰੂਰ ਵਿੱਚ ਹੀ 7 ਸਤੰਬਰ ਨੂੰ ਇੱਕ ਮਜ਼ਦੂਰ ਗੁਲਜ਼ਾਰ ਸਿੰਘ ਵੱਲੋਂ ਕੀਤੀ ਗਈ ਖੁਦਕੁਸ਼ੀ ਤੋਂ ਕੁਝ ਦਿਨਾਂ ਬਾਅਦ ਵਾਪਰੀ ਹੈ। ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਦੋਸ਼ ਲਾਇਆ ਸੀ ਕਿ ਦਿੜ੍ਹਬਾ ਵਿੱਚ ਇੱਕ ਸਮਾਗਮ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਨਸ਼ਿਆਂ ਦੀ ਸਪਲਾਈ ਬਾਰੇ ਸਵਾਲ ਪੁੱਛਣ ’ਤੇ ਉਸ ਨੂੰ ਜ਼ਲੀਲ ਕੀਤਾ ਗਿਆ ਸੀ।
ਵਿਰੋਧੀ ਧਿਰਾਂ ਨੇ ਸਰਕਾਰ ’ਤੇ ਸਾਧੇ ਨਿਸ਼ਾਨੇ
ਘਟਨਾ ਤੋਂ ਬਾਅਦ ਭਾਜਪਾ ਅਤੇ ਕਾਂਗਰਸ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ। ਭਾਜਪਾ ਦੇ ਸੰਸਦ ਮੈਂਬਰ ਤਰੁਣ ਚੁੱਘ ਨੇ ‘ਐਕਸ’ ’ਤੇ ਕਿਹਾ ਕਿ ਜੱਗਾ ਸਿੰਘ ਦਾ ਕਸੂਰ ਸਿਰਫ਼ ਇੰਨਾ ਸੀ ਕਿ ਉਸ ਨੇ ਨਸ਼ਾ ਮਾਫ਼ੀਆ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਪੁਲੀਸ ਦੀ ਭੂਮਿਕਾ ਅਤੇ ਸਰਪੰਚ ’ਤੇ ਲੱਗੇ ਦੋਸ਼ਾਂ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ।
ਚੁੱਘ ਨੇ ਮੁੱਖ ਮੰਤਰੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਸਰਕਾਰ ਨਸ਼ਾ ਮਾਫ਼ੀਆ ਨੂੰ ਨਹੀਂ ਰੋਕ ਸਕਦੀ ਤਾਂ ਮੁੱਖ ਮੰਤਰੀ ਨੂੰ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ ਹੈ।
ਦੂਜੇ ਪਾਸੇ, ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਵਿੱਚ ਅਜਿਹੀ ਘਟਨਾ ਦਾ ਵਾਪਰਨਾ ਚਿੰਤਾਜਨਕ ਹੈ। ਉਨ੍ਹਾਂ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਸਬੰਧੀ ਦਾਅਵਿਆਂ ’ਤੇ ਸਵਾਲ ਉਠਾਏ।
Posted By: Punjab Infoline Bureau