ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਮੌਕੇ ਲਗਾਇਆ ਸਿਹਤ ਸੇਵਾਵਾਂ ਦਾ ਲੰਗਰ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਮੌਕੇ ਲਗਾਇਆ ਸਿਹਤ ਸੇਵਾਵਾਂ ਦਾ ਲੰਗਰ

ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਣ ਦੀ ਲੋੜ: ਧੰਨਾ ਮੱਲ ਗੋਇਲ
 

ਤਲਵੰਡੀ ਸਾਬੋ, 16 ਨਵੰਬਰ (ਗੁਰਜੰਟ ਸਿੰਘ ਨਥੇਹਾ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਜ਼ਿਲ੍ਹਾ ਬਠਿੰਡਾ ਦੇ ਬਲਾਕ ਤਲਵੰਡੀ ਸਾਬੋ ਵੱਲੋਂ ਸੂਬਾ ਅਤੇ ਜ਼ਿਲ੍ਹਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਸਿਹਤ ਸੇਵਾਵਾਂ ਦਾ ਲੰਗਰ ਲਗਾਇਆ ਗਿਆ। ਬਲਾਕ ਪ੍ਰਧਾਨ ਗੁਰਮੇਲ ਸਿੰਘ ਘਈ ਦੀ ਦੇਖ-ਰੇਖ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਅੰਤਿਮ ਅਰਦਾਸ ਵਿੱਚ ਸ਼ਰਧਾਂਜਲੀ ਭੇਂਟ ਕਰਨ ਪਹੁੰਚੀਆਂ ਵੱਡੀ ਗਿਣਤੀ ਸੰਗਤਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ।ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਜ਼ਿਲ੍ਹਾ ਕੈਸ਼ੀਅਰ ਭੁਪਿੰਦਰ ਸਿੰਘ, ਜ਼ਿਲ੍ਹਾ ਆਗੂ ਲਛਮਣ ਕੁਮਾਰ ਜਗਾ ਰਾਮ ਤੀਰਥ ਅਤੇ ਬਲਾਕ ਬਠਿੰਡਾ ਦੇ ਸਕੱਤਰ ਮੱਖਣ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ। ਬਲਾਕ ਤਲਵੰਡੀ ਸਾਬੋ ਦੇ ਮੈਂਬਰਾਂ ਵੱਲੋਂ ਪੂਰੀ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਸੰਗਤਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਨੇ ਐਸੋਸੀਏਸ਼ਨ ਵੱਲੋਂ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਅੱਗੇ ਲੈ ਕੇ ਜਾਣ ਦੀ ਵੱਡੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਨੌਜਵਾਨਾਂ ਨੂੰ ਮਿਆਰੀ ਅਤੇ ਮੁਫ਼ਤ ਸਿੱਖਿਆ ਦੇ ਨਾਲ-ਨਾਲ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨਸ਼ਾ ਤਸਕਰੀ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਵੀ ਕੀਤੀ, ਤਾਂ ਜੋ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਪਸਾਰ ਨੂੰ ਠੱਲ੍ਹ ਪਾਈ ਜਾ ਸਕੇ। ਬਲਾਕ ਪ੍ਰਧਾਨ ਗੁਰਮੇਲ ਸਿੰਘ ਘਈ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਸੋਚ 'ਤੇ ਪਹਿਰਾ ਦੇਣ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਅੱਗੇ ਵਧਾਉਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਭਰੂਣ ਹੱਤਿਆ ਅਤੇ ਨਸ਼ਿਆਂ ਖ਼ਿਲਾਫ਼ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਜ਼ਿਲ੍ਹਾ ਅਤੇ ਸੂਬਾਈ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਵੀ ਦੁਹਰਾਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੇਵਾ ਸਿੰਘ ਬਰਾੜ, ਸਕੱਤਰ ਮਨਪ੍ਰੀਤ ਸਿੰਘ ਬੁਰਜ ਡੱਲਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਛੱਤਰ ਸਿੰਘ ਨਥੇਹਾ, ਜ਼ਿਲ੍ਹਾ ਕਾਰਜਕਾਰੀ ਮੈਂਬਰ ਲਛਮਣ ਕੁਮਾਰ ਜਗਾ, ਦਿਹਾਤੀ ਦੇ ਮੀਤ ਪ੍ਰਧਾਨ ਮੋਦਨ ਸਿੰਘ ਸੁਖਲੱਧੀ ਰਾਮਾ, ਦਿਹਾਤੀ ਪ੍ਰਧਾਨ ਜਸਵੀਰ ਸਿੰਘ ਕੋਟ ਬਖਤੂ, ਅਮਰੀਕ ਸਿੰਘ ਗਿੱਲ ਨਵਾਂ ਪਿੰਡ, ਭੁਪਿੰਦਰ ਸਿੰਘ ਭਿੰਦਾ ਭਾਗੀਵਾਂਦਰ, ਪਵਨ ਸਿੰਘ, ਰਾਜ ਕੁਮਾਰ ਬੰਗੀ ਭਾਗੀਵਾਂਦਰ, ਹਰਜਿੰਦਰ ਸਿੰਘ ਮਲਕਾਣਾ, ਗੁਰਦੀਪ ਸਿੰਘ ਜੀਵਨ ਸਿੰਘ ਵਾਲਾ, ਬਲਵੰਤ ਸਿੰਘ ਤਲਵੰਡੀ, ਮਨਜੀਤ ਸਿੰਘ ਧਿੰਗੜ ਅਤੇ ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਐਸੋਸੀਏਸ਼ਨ ਦੇ ਮੈਂਬਰਾਂ ਨੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੇ ਨਾਲ ਹੀ ਸਿਹਤ ਸੇਵਾਵਾਂ ਦੇ ਲੰਗਰ ਵਿੱਚ ਪੂਰੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ।