ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਮੁੜ ਸੀਬੀਆਈ ਦਫ਼ਤਰ ਪੁੱਜੇ, ਭ੍ਰਿਸ਼ਟਾਚਾਰ ਮਾਮਲੇ ’ਚ ਪੁੱਛ-ਪੜਤਾਲ
- ਪੰਜਾਬ
- (Asia/Kolkata)
ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਜਾਰੀ ਹੈ। ਇਸ ਸਿਲਸਿਲੇ ਵਿੱਚ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਅੱਜ ਸੈਕਟਰ 30 ਸਥਿਤ ਸੀਬੀਆਈ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਤੋਂ ਮਾਮਲੇ ਸਬੰਧੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਰਾਜਬੀਰ ਸਿੰਘ ਘੁੰਮਣ ਸੀਬੀਆਈ ਦਫ਼ਤਰ ਵਿੱਚ ਪੇਸ਼ ਹੋਏ ਸਨ। ਉਸ ਸਮੇਂ ਪੁੱਛ-ਪੜਤਾਲ ਤੋਂ ਬਾਅਦ ਬਾਹਰ ਆ ਕੇ ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਸੀ ਕਿ ਸੀਬੀਆਈ ਨੇ ਉਨ੍ਹਾਂ ਨੂੰ ਮੁੜ 31 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਹੈ।
ਸੀਬੀਆਈ ਦੇ ਨਿਰਦੇਸ਼ਾਂ ’ਤੇ ਮੁੜ ਹੋਏ ਪੇਸ਼
ਸੀਬੀਆਈ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਰਾਜਬੀਰ ਸਿੰਘ ਘੁੰਮਣ ਆਪਣੇ ਕਾਫ਼ਲੇ ਸਮੇਤ ਸੈਕਟਰ 30 ਸਥਿਤ ਜਾਂਚ ਏਜੰਸੀ ਦੇ ਦਫ਼ਤਰ ਪਹੁੰਚੇ। ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਉਨ੍ਹਾਂ ਤੋਂ ਮੁੜ ਪੁੱਛਗਿੱਛ ਕੀਤੀ ਜਾ ਰਹੀ ਹੈ।
ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ ਤੋਂ ਦਿੱਤੀ ਰਾਹਤ
ਦੱਸਣਯੋਗ ਹੈ ਕਿ 12 ਅਕਤੂਬਰ ਨੂੰ ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਰਾਹਤ ਮਿਲੀ ਸੀ। ਸਰਬਉੱਚ ਅਦਾਲਤ ਨੇ ਸੀਬੀਆਈ ਨੂੰ ਕਿਸੇ ਵੀ ਤਰ੍ਹਾਂ ਦੀ ਜ਼ਬਰੀ ਕਾਰਵਾਈ ਕਰਨ ਤੋਂ ਸਪੱਸ਼ਟ ਤੌਰ ’ਤੇ ਰੋਕ ਦਿੱਤਾ ਸੀ। ਇਸ ਤਹਿਤ ਰਾਜਬੀਰ ਸਿੰਘ ਘੁੰਮਣ ਸੀਬੀਆਈ ਦੀ ਜਾਂਚ ਵਿੱਚ ਸ਼ਾਮਲ ਹੋ ਸਕਦੇ ਹਨ, ਪਰ ਉਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਮਿਲੀ ਹੋਈ ਹੈ।
ਹਾਲਾਂਕਿ, ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੋਂ ਸੀਬੀਆਈ ਜਾਂਚ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਨਹੀਂ ਕੀਤਾ।
ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਦਿੱਤੇ ਸਨ। ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (SLP) ਰਾਹੀਂ ਚੁਣੌਤੀ ਦਿੱਤੀ ਸੀ।