ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ 15 ਅਕਤੂਬਰ ਨੂੰ ਪੰਜਾਬ ਬੰਦ, ਕਈ ਜਥੇਬੰਦੀਆਂ ਵੱਲੋਂ ਸਮਰਥਨ

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ 15 ਅਕਤੂਬਰ ਨੂੰ ਪੰਜਾਬ ਬੰਦ, ਕਈ ਜਥੇਬੰਦੀਆਂ ਵੱਲੋਂ ਸਮਰਥਨ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ, ਵਪਾਰੀਆਂ, ਮੁਲਾਜ਼ਮਾਂ, ਵਿਦਿਆਰਥੀ ਸੰਗਠਨਾਂ ਅਤੇ ਹੋਰ ਜਥੇਬੰਦੀਆਂ ਨੇ ਇਸ ਸੱਦੇ ਦੀ ਹਮਾਇਤ ਕੀਤੀ ਹੈ। ਪੁਲਿਸ ਨੇ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗਾ ਪੰਜਾਬ ਬੰਦ

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀਆਂ ਜਥੇਬੰਦੀਆਂ ਦੀ ਲੁਧਿਆਣਾ ਵਿੱਚ ਹੋਈ ਮੀਟਿੰਗ ਦੌਰਾਨ ਸਮੂਹ ਪੰਜਾਬੀਆਂ ਨੂੰ 15 ਅਕਤੂਬਰ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ ਗਈ। ਜਥੇਬੰਦੀਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਹਿਰ ਨੇ ਨੌਜਵਾਨਾਂ ਅਤੇ ਧੀਆਂ ਦੀ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਲੋਕਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ।

ਜਥੇਬੰਦੀਆਂ ਅਨੁਸਾਰ, ਪੰਜਾਬ ਬੰਦ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗਾ। ਸਕੂਲਾਂ, ਕਾਲਜਾਂ, ਟਰਾਂਸਪੋਰਟਰਾਂ, ਮਜ਼ਦੂਰਾਂ, ਰੇਹੜੀ-ਫੜ੍ਹੀ ਵਾਲਿਆਂ, ਵਪਾਰ ਮੰਡਲ ਦੀਆਂ ਯੂਨੀਅਨਾਂ, ਮੁਲਾਜ਼ਮਾਂ, ਦੁੱਧ ਉਤਪਾਦਕਾਂ ਅਤੇ ਦੁਕਾਨਦਾਰਾਂ ਸਮੇਤ ਹੋਰ ਵਰਗਾਂ ਨੂੰ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀਆਂ ਨੇ ਸਪੱਸ਼ਟ ਕੀਤਾ ਕਿ ਇਸ ਦੌਰਾਨ ਸਾਰੀਆਂ ਮੈਡੀਕਲ ਸੇਵਾਵਾਂ ਬਹਾਲ ਰਹਿਣਗੀਆਂ।

ਚੰਡੀਗੜ੍ਹ ਬਾਰ ਐਸੋਸੀਏਸ਼ਨ ਵੱਲੋਂ ਸਮਰਥਨ

ਚੰਡੀਗੜ੍ਹ ਬਾਰ ਐਸੋਸੀਏਸ਼ਨ ਨੇ ਪੰਜਾਬ ਬੰਦ ਦੇ ਸਮਰਥਨ ਵਿੱਚ 15 ਅਕਤੂਬਰ ਨੂੰ 'ਨੋ ਵਰਕ' ਡੇਅ ਐਲਾਨਿਆ ਹੈ। ਐਸੋਸੀਏਸ਼ਨ ਵੱਲੋਂ ਜੁਡੀਸ਼ੀਅਲ ਅਧਿਕਾਰੀਆਂ ਨੂੰ ਸਾਰੇ ਕੇਸਾਂ ਦੀਆਂ ਸੁਣਵਾਈਆਂ ਸਬੰਧੀ ਕੋਈ ਵੀ ਹੁਕਮ ਜਾਰੀ ਨਾ ਕਰਨ ਦੀ ਅਪੀਲ ਕੀਤੀ ਗਈ ਹੈ।

ਚੰਡੀਗੜ੍ਹ ਅਤੇ ਮੋਹਾਲੀ ਦੇ ਮੁਲਾਜ਼ਮ ਕਰਨਗੇ ਰੋਸ ਰੈਲੀ

ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਅਤੇ ਮੋਹਾਲੀ ਦੇ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਵੱਲੋਂ 15 ਅਕਤੂਬਰ ਨੂੰ ਸੈਕਟਰ-17, ਚੰਡੀਗੜ੍ਹ ਵਿਖੇ ਰੋਸ ਰੈਲੀ ਕੀਤੀ ਜਾਵੇਗੀ। ਇਹ ਰੈਲੀ ਪਰਵਿੰਦਰ ਸਿੰਘ ਝੋਟਾ ਦੇ ਸਮਰਥਨ ਅਤੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਵਿੱਚ ਕੀਤੀ ਜਾਵੇਗੀ। ਮੁਲਾਜ਼ਮਾਂ ਨੇ ਇਸ ਰਾਹੀਂ ਇਕਜੁੱਟਤਾ ਪ੍ਰਗਟਾਉਂਦਿਆਂ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਦਾ ਐਲਾਨ ਕੀਤਾ ਹੈ।

ਸੰਯੁਕਤ ਕਿਸਾਨ ਮੋਰਚਾ ਨੇ ਵੀ ਕੀਤੀ ਹਮਾਇਤ

ਸੰਯੁਕਤ ਕਿਸਾਨ ਮੋਰਚਾ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ 15 ਅਕਤੂਬਰ ਦੇ ਪੰਜਾਬ ਬੰਦ ਦਾ ਸਮਰਥਨ ਕੀਤਾ ਹੈ। ਮੋਰਚੇ ਨੇ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਮੋਰਚੇ ਨੇ ਦੋਸ਼ ਲਾਇਆ ਕਿ ਝੋਟਾ ਦੇ ਕਤਲ ਲਈ ਸਮਗਲਰਾਂ, ਸਿਆਸਤਦਾਨਾਂ ਅਤੇ ਅਫ਼ਸਰਸ਼ਾਹੀ ਦੇ ਗਠਜੋੜ ਦੀ ਜ਼ਿੰਮੇਵਾਰੀ ਹੈ, ਜਿਸ ਦੀ ਸਰਪ੍ਰਸਤੀ ਹੇਠ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਵਧਿਆ ਹੈ। ਮੋਰਚੇ ਨੇ ਪਰਿਵਾਰ ਦੀ ਮੰਗ ਅਨੁਸਾਰ ਮਾਮਲੇ ਦੀ ਜਾਂਚ ਕਰਕੇ ਅਸਲ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।

ਲੁਧਿਆਣਾ ਵਿੱਚ ਕੈਂਡਲ ਮਾਰਚ

ਲੁਧਿਆਣਾ ਵਿੱਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਸਿੱਖ ਜਥੇਬੰਦੀਆਂ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਕੱਢਿਆ। ਮਾਰਚ ਦੌਰਾਨ ਉਸ ਦੀ ਮੌਤ ਵਿੱਚ ਗੈਰ-ਕਾਨੂੰਨੀ ਅਨਸਰਾਂ ਦੀ ਕਥਿਤ ਭੂਮਿਕਾ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ।

ਲੁਧਿਆਣਾ ਦੀ ਮਾਰਕੀਟ ਵਿੱਚ ਕੱਢੇ ਗਏ ਇਸ ਮਾਰਚ ਦੌਰਾਨ ਲੋਕਾਂ ਵਿੱਚ ਝੋਟਾ ਦੀ ਮੌਤ ਨੂੰ ਲੈ ਕੇ ਰੋਸ ਦੇਖਣ ਨੂੰ ਮਿਲਿਆ। ਮਾਰਚ ਵਿੱਚ ਸ਼ਾਮਲ ਲੋਕਾਂ ਨੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ।

ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਅਰਥੀ ਫੂਕ ਮੁਜ਼ਾਹਰੇ

ਜਥੇਬੰਦੀਆਂ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 15 ਅਕਤੂਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਇਸ ਤਹਿਤ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਸਵੇਰੇ ਵੱਡਾ ਇਕੱਠ ਕਰਕੇ ਮੁਜ਼ਾਹਰਾ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।

ਜਥੇਬੰਦੀਆਂ ਨੇ ਕਿਹਾ ਕਿ ਪੰਜਾਬ ਬੰਦ ਨੂੰ ਸਫ਼ਲ ਬਣਾਉਣਾ ਨਸ਼ਿਆਂ ਵਿਰੁੱਧ ਪੰਜਾਬੀਆਂ ਦੀ ਸਾਂਝੀ ਲੜਾਈ ਨੂੰ ਮਜ਼ਬੂਤ ਕਰੇਗਾ। ਉਨ੍ਹਾਂ ਲੋਕਾਂ ਨੂੰ ਨਸ਼ਾ ਮਾਫੀਆ ਵੱਲੋਂ ਕਤਲ ਕੀਤੇ ਗਏ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਦੇਣ ਲਈ ਬੰਦ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦਾ ਪ੍ਰਦਰਸ਼ਨ

ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਜਥੇਬੰਦੀਆਂ ਨੇ ਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਜ਼ਾਹਰ ਕੀਤਾ ਅਤੇ ਮੁੱਖ ਮੰਤਰੀ ਮਾਨ ਤੇ DGP ਗੌਰਵ ਯਾਦਵ ਦੇ ਅਸਤੀਫ਼ੇ ਦੀ ਮੰਗ ਕੀਤੀ।

ਰੋਪੜ ਦੇ ਕਿਸਾਨਾਂ ਅਤੇ ਵਪਾਰੀਆਂ ਵੱਲੋਂ ਬਾਜ਼ਾਰ ਬੰਦ ਕਰਨ ਦਾ ਫ਼ੈਸਲਾ

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ 15 ਅਕਤੂਬਰ ਨੂੰ ਰੋਪੜ ਦੇ ਬਾਜ਼ਾਰ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਕਿਸਾਨ ਜਥੇਬੰਦੀਆਂ ਅਤੇ ਵਪਾਰੀ ਆਗੂਆਂ ਦੀ ਮੀਟਿੰਗ ਹੋਈ, ਜਿਸ ਤੋਂ ਬਾਅਦ ਸਾਰੇ ਬਾਜ਼ਾਰ ਬੰਦ ਕਰਨ ਦਾ ਐਲਾਨ ਕੀਤਾ ਗਿਆ।

ਵਪਾਰ ਮੰਡਲ ਦੇ ਪ੍ਰਧਾਨ ਪਰਵਿੰਦਰਪਾਲ ਸਿੰਘ ਬਿੰਟਾਂ ਨੇ ਕਿਹਾ ਕਿ ਮਾਨਸਾ ਵਿੱਚ ਵਾਪਰੀ ਘਟਨਾ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਰੋਪੜ ਦੇ ਵਪਾਰੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੇ ਨਾਲ ਹਨ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ।

ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ’ਤੇ ਲਾਏ ਦੋਸ਼

ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਖ਼ੁਦ ਨਸ਼ੇ ਵਿਕਵਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚਾਰ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਦੇ ਮੁਤਾਬਕ ਪੌਣੇ ਪੰਜ ਸਾਲਾਂ ਵਿੱਚ ਨਸ਼ਾ ਖ਼ਤਮ ਹੋਣ ਦੀ ਬਜਾਏ ਵਧਿਆ ਹੈ ਅਤੇ ਘਰ-ਘਰ ਨਸ਼ਿਆਂ ਦੀ ਸਪਲਾਈ ਹੋ ਰਹੀ ਹੈ।

ਹਰਸਿਮਰਤ ਕੌਰ ਬਾਦਲ ਨੇ ਇਹ ਵੀ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਸਵਾਲ ਪੁੱਛਣ ਵਾਲਿਆਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਸੰਦੇਸ਼ ਜਾ ਰਿਹਾ ਹੈ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੋ ਰਹੀ, ਜਦਕਿ ਨਸ਼ਿਆਂ ਵਿਰੁੱਧ ਬੋਲਣ ਵਾਲਿਆਂ ਦੀ ਆਵਾਜ਼ ਦਬਾਈ ਜਾ ਰਹੀ ਹੈ।

ਉਨ੍ਹਾਂ ਅਸ਼ਵਨੀ ਕੁਮਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ’ਤੇ ਕਥਿਤ ਤੌਰ ’ਤੇ ਸ਼ਰੇਆਮ ਗੋਲੀ ਚਲਾ ਕੇ ਉਸ ਦਾ ਕਤਲ ਕੀਤਾ ਗਿਆ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮੁਲਜ਼ਮ ਸ਼ਰੇਆਮ ਪਿਸਤੌਲ ਲੈ ਕੇ ਘੁੰਮਦਾ ਰਿਹਾ।

ਹਰਸਿਮਰਤ ਕੌਰ ਬਾਦਲ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਫ਼ੋਨ ’ਤੇ ਗੱਲਬਾਤ ਵੀ ਕੀਤੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵਿੱਚ ਦੁੱਖ ਦੇ ਨਾਲ-ਨਾਲ ਸਰਕਾਰ ਪ੍ਰਤੀ ਰੋਸ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਹਰ ਪਿੰਡ ਵਿੱਚ ਦੇਖਣ ਨੂੰ ਮਿਲ ਰਹੀ ਹੈ।

```